ਜ਼ਿਲੇ ਵਿਚ 16 ਨਵੰਬਰ ਤੋਂ 15 ਦਸੰਬਰ ਤੱਕ ਹੋਵੇਗਾ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ
ਨਵਾਂਸ਼ਹਿਰ, 12 ਨਵੰਬਰ : (ਐਨ. ਟੀ. ਬਿਊਰੋ ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਮਿਤੀ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਮਿਤੀ 21, 22 ਨਵੰਬਰ ਅਤੇ 5,6 ਦਸੰਬਰ 2020 ਨੂੰ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥ ਤੇ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਇਹ ਜਾਣਕਾਰੀ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਅਦਿੱਤਿਆ ਉੱਪਲ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ। ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ 18-19 ਸਾਲ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਰਜਿਸਟਰ ਕਰਾਉਣ ਲਈ ਆਪਣੇ ਫੀਲਡ ਵਰਕਰਾਂ ਰਾਹੀਂ ਵਿਸ਼ੇਸ਼ ਉਪਰਾਲੇ ਕਰਨ। ਇਸ ਤੋਂ ਇਲਾਵਾ ਮੁੰਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਪੀ. ਡਬਲਿਊ. ਡੀ ਵਿਅਕਤੀਆਂ, ਟ੍ਰਾਂਸਜੈਂਡਰ ਅਤੇ ਮਾਈਗਰੈਂਟ ਵਰਕਰ, ਜੋ ਹਾਲੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਹਨ, ਦੀ ਰਜਿਸਟ੍ਰੇਸ਼ਨ ਨੂੰ 100 ਫੀਸਦੀ ਯਕੀਨੀ ਬਣਾਉਣ ਦੀ ਲੋੜ ਹੈ। ਇਸ ਲਈ ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਇਸ ਕੰਮ ਵਿਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਪੂਰਾ ਸਹਿਯੋਗ ਕਰਨ ਲਈ ਕਿਹਾ। ਇਸ ਮੌਕੇ ਚੋਣ ਤਹਿਸੀਲਦਾਰ ਵਿਵੇਕ ਮੋਹਲਾ ਨੇ ਮੀਟਿੰਗ ਵਿਚ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੀ-ਆਪਣੀ ਪਾਰਟੀ ਵੱਲੋਂ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਜ਼ਿਲਾ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਜਾਂ ਉਹ ਪੱਕੇ ਤੌਰ 'ਤੇ ਆਪਣੀ ਰਿਹਾਇਸ਼ ਛੱਡ ਕੇ ਜਾ ਚੁੱਕੇ ਹਨ, ਅਜਿਹੇ ਵੋਟਰਾਂ ਸਬੰਧੀ ਫਾਰਮ ਨੰ: 7 ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰਾਂ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਦਿੱਤਾ ਜਾਵੇ ਤਾਂ ਜੋ ਅਗਾਮੀ ਚੋਣਾਂ ਲਈ ਸਾਫ਼-ਸੁਥਰੀ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸਤਵੀਰ ਸਿੰਘ ਪੱਲੀ ਝਿੱਕੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਐਚ. ਐਸ. ਗੁਲੇਰੀਆ, ਭਾਰਤੀ ਜਨਤਾ ਪਾਰਟੀ ਵੱਲੋਂ ਕਰਨ ਲੜੋਈਆ ਤੇ ਲੱਕੀ ਸ਼ਰਮਾ, ਸੀ. ਪੀ. ਆਈ ਵੱਲੋਂ ਮੁਕੰਦ ਲਾਲ, ਬਹੁਜਨ ਸਮਾਜ ਪਾਰਟੀ ਵੱਲੋਂ ਸਰਬਜੀਤ ਜਾਫਰਪੁਰ ਅਤੇ ਐਨ. ਸੀ. ਪੀ ਵੱਲੋਂ ਸੁਰੇਸ਼ ਕੁਮਾਰ ਹਾਜ਼ਰ ਸਨ।
ਕੈਪਸ਼ਨ :-ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਜ਼ਿਲਾ ਚੋਣ ਅਫ਼ਸਰ ਅਦਿੱਤਿਆ ਉੱਪਲ।