ਨਵਾਂਸ਼ਹਿਰ, 13 ਨਵੰਬਰ :ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਰੋਜ਼ਗਾਰ ਦੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ੇ ਤਿਆਗ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰ ਕੇ ਉਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਪਲੇਸਮੈਂਟ ਮੁਹਿੰਮ ਵਿਚ ਵੀ ਤੇਜ਼ੀ ਲਿਆਉਣ ਆਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਹੁਨਰਮੰਦ ਨੌਜਵਾਨ ਆਪਣੇ ਪੈਰਾਂ 'ਤੇ ਖੜੇ ਹੋਣ ਦੇ ਕਾਬਿਲ ਬਣ ਸਕਣ। ਉਨਾਂ ਹਦਾਇਤ ਕੀਤੀ ਕਿ ਸਵੈ-ਰੋਜ਼ਗਾਰ ਨਾਲ ਸਬੰਧਤ ਬਕਾਇਆ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦਫ਼ਤਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ 'ਤੇ ਗਤੀਵਿਧੀਆਂ ਜਾਰੀ ਹਨ। ਉਨਾਂ ਇਹ ਵੀ ਦੱਸਿਆ ਕਿ ਦਫ਼ਤਰ ਵੱਲੋਂ ਜ਼ਿਲੇ ਦੇ ਵੱਖ-ਵੱਖ ਓਟ ਸੈਂਟਰਾਂ ਵਿਚ ਨਸ਼ਾ ਪੀੜਤ ਪ੍ਰਾਰਥੀਆਂ ਦੀ ਵਿਸ਼ੇਸ਼ ਕਾਊਂਸਲਿੰਗ ਕੀਤੀ ਜਾ ਰਹੀ ਹੈ, ਜਿਸ ਦੌਰਾਨ ਉਨਾਂ ਨੂੰ ਦਫ਼ਤਰ ਵੱਲੋਂ ਰੋਜ਼ਗਾਰ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਜਿਹੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹੁਨਰ ਵਿਕਾਸ ਦੇ ਚੱਲ ਰਹੇ ਰਿਹਾਇਸ਼ੀ ਸੈਂਟਰਾਂ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪ੍ਰਾਰਥੀ ਆਪਣੇ ਆਪ ਨੂੰ ਹੁਨਰਮੰਦ ਬਣਾ ਕੇ ਆਪਣੇ ਪੈਰਾਂ 'ਤੇ ਖੜੇ ਹੋ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਫੋਟੋ : -ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਤੇ ਹੋਰ