ਡਿਪਟੀ ਕਮਿਸ਼ਨਰ ਵੱਲੋਂ ਆਨਲਾਈਨ ਕੁਇਜ਼ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਈ. ਐਲ. ਸੀ ਮੈਂਬਰ ਸਨਮਾਨਿਤ


ਨਵਾਂਸ਼ਹਿਰ, 13 ਨਵੰਬਰ : ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਚੋਣ ਪ੍ਰਕਿਰਿਆ ਸਬੰਧੀ ਸੂਬਾ ਪੱਧਰ 'ਤੇ ਕਰਵਾਏ ਗਏ ਜਾਗਰੂਕਤਾ ਕੁਇਜ਼ ਮੁਕਾਬਲੇ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਇਲੈਕਟੋਰਲ ਲਿਟਰੇਸੀ ਕਲੱਬ (ਈ. ਐਲ. ਸੀ) ਮੈਂਬਰਾਂ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਵੱਲੋਂ ਮੁੱਖ ਚੋਣ ਅਫ਼ਸਰ ਵੱਲੋਂ ਭੇਜੇ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲੇ ਹਰਪ੍ਰੀਤ, ਪੂਜਾ ਅਤੇ ਸਨਮਨ ਸੈਂਗਰ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਦਾ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸੇ ਲਈ ਭਾਰਤ ਚੋਣ ਕਮਿਸ਼ਨ ਵੱਲੋਂ 18-19 ਸਾਲ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਰਜਿਸਟਰ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਮਿਤੀ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਮਿਤੀ 21, 22 ਨਵੰਬਰ ਅਤੇ 5,6 ਦਸੰਬਰ 2020 ਨੂੰ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥ ਤੇ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ, ਜਿਸ ਦੀ ਉਮਰ ਮਿਤੀ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਉਕਤ ਮਿਤੀਆਂ ਨੂੰ ਆਪਣੇ ਪੋਲਿੰਗ ਬੂਥ 'ਤੇ ਜਾ ਕੇ ਫਾਰਮ ਨੰ: 6 ਭਰ ਸਕਦਾ ਹੈ। ਉਨਾਂ ਦੱਸਿਆ ਕਿ ਇਸ ਮੰਤਵ ਲਈ ਉਸ ਵੱਲੋਂ ਐਨ. ਵੀ. ਐਸ. ਪੀ ਪੋਰਟਲ 'ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਈ ਵੀ ਯੋਗ ਵਿਅਕਤੀ ਇਸ ਸੁਧਾਈ ਦੌਰਾਨ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਚੋਣ ਤਹਿਸੀਲਦਾਰ ਵਿਵੇਕ ਮੋਹਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਕੈਪਸ਼ਨ :-ਚੋਣ ਪ੍ਰਕਿਰਿਆ ਸਬੰਧੀ ਆਨਲਾਈਨ ਕੁਇਜ਼ ਮੁਕਾਬਲੇ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।