ਨਵਾਂਸ਼ਹਿਰ 19 ਦਸੰਬਰ (ਐਨ.ਟੀ) ਆਮਦਨ ਕਰ ਵਿਭਾਗ ਵੱਲੋਂ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ ਤੇ ਮਾਰੇ ਗਏ ਛਾਪੇ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀਆਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਇਹਨਾਂ ਛਾਪਿਆਂ ਦੀ ਚੁਫੇਰਿਓਂ ਸਖਤ ਨਿੰਦਾ ਕੀਤੀ ਜਾ ਰਹੀ ਹੈ । ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ,ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਦੇ ਸੂਬਾ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਜਮਹੂਰੀ ਅਧਿਕਾਰ ਸਭਾ ਦੇ ਜਿਲਾ ਸਕੱਤਰ ਜਸਬੀਰ ਦੀਪ, ਪੇਂਡੂ ਮਜਦੂਰ ਯੂਨੀਅਨ ਦੇ ਸੂਬਾਈ ਆਗੂ ਕਮਲਜੀਤ ਸਨਾਵਾ, ਆਟੋ ਵਰਕਰਜ਼ ਯੂਨੀਅਨ ਦੇ ਜਿਲਾ ਪ੍ਰਧਾਨ ਪੁਨੀਤ ਕਲੇਰ ,ਭੱਠਾ ਵਰਕਰਜ਼ ਯੂਨੀਅਨ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ ਨੇ ਆਮਦਨ ਕਰ ਵਿਭਾਗ ਦੇ ਛਾਪੇ ਨੂੰ ਬਲਦੀ ਉੱਤੇ ਤੇਲ ਪਾਉਣ ਵਾਲੀ ਕਾਰਵਾਈ ਕਰਾਰ ਦਿੰਦਿਆਂ ਆਖਿਆ ਕਿ ਆਮਦਨ ਕਰ ਵਿਭਾਗ ਨੂੰ ਇਸ ਹਰਕਤ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ । ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਅਜਿਹੀਆਂ ਗਿੱਦੜ ਧਮਕੀਆਂ ਆੜ੍ਹਤੀਆਂ ਨੂੰ ਕਿਸਾਨਾਂ ਦੀ ਹਮਾਇਤ ਕਰਨੋਂ ਰੋਕ ਨਹੀਂ ਸਕਦੀਆਂ । ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਦਿੱਲੀ ਦੇ ਟਿਕਰੀ ਬਾਰਡਰ ਤੋਂ ਫੋਨ ਕਰਕੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਣ । ਸਰਕਾਰ ਦੇ ਅਜਿਹੇ ਹੱਥਕੰਡਿਆਂ ਨਾਲ ਕਿਸਾਨੀ ਘੋਲ ਥੰਮਣ ਵਾਲਾ ਨਹੀਂ ।ਆੜਤੀਆਂ ਵਿਚ ਇਸਦੇ ਖਿਲਾਫ ਭਾਰੀ ਰੋਸ ਹੈ ।