ਸਕੂਲ ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਮਿਸ਼ਨ ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਅਧਿਆਪਕਾਂ ਵੱਲੋਂ ਵਾਧੂ ਜਮਾਤਾਂ ਲਗਾਉਣ ਦੀ ਸ਼ੁਰੂਆਤ


ਪਟਿਆਲਾ, 26 ਦਸੰਬਰ:- ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ 'ਮਿਸ਼ਨ ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਵਿਭਾਗ ਦੇ ਬਹੁਤ ਸਾਰੇ ਮਿਹਨਤੀ ਅਧਿਆਪਕਾਂ ਵੱਲੋਂ ਆਪੋ-ਆਪਣੇ ਵਿਸ਼ਿਆਂ ਦੀਆਂ ਵਾਧੂ ਜਮਾਤਾਂ ਲਗਾਉਣ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ (ਸੈ.) ਪਟਿਆਲਾ ਹਰਿੰਦਰ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਤਿਆਰ ਕਰਨ ਹਿੱਤ ਸਾਲਾਨਾ ਪ੍ਰੀਖਿਆਵਾਂ ਦੇ ਪੈਟਰਨ 'ਤੇ ਦਸੰਬਰ ਪ੍ਰੀਖਿਆਵਾਂ ਕਰਵਾਉਣ ਦੇ ਨਾਲ ਨਾਲ ਸਤੰਬਰ, ਨਵੰਬਰ ਅਤੇ ਦਸੰਬਰ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਵਿਦਿਆਰਥੀਆਂ ਦੇ ਕਮਜ਼ੋਰ ਅਤੇ ਬਿਹਤਰ ਪੱਖਾਂ ਦੀ ਪਹਿਚਾਣ ਕਰਨ ਉਪਰੰਤ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਵਾਧੂ ਜਮਾਤਾਂ ਲਗਾ ਰਹੇ ਗਣਿਤ ਅਧਿਆਪਕ ਪ੍ਰਦੀਪ ਵਰਮਾਂ ਸਰਕਾਰੀ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਏ ਸੰਭਾਵੀ ਨੁਕਸਾਨ ਦੀ ਪੂਰਤੀ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਸਕੂਲ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਵਾਧੂ ਜਮਾਤਾਂ ਲਗਾ ਰਹੀ ਸਾਇੰਸ ਮਿਸਟ੍ਰੈਸ ਮੋਹਿੰਦਰ ਕੌਰ ਸਰਕਾਰੀ ਸੈਕੰਡਰੀ ਸਕੂਲ ਪੱਬਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਅਤੇ ਆਫਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਇੱਕ ਹੋਰ ਸਾਇੰਸ ਮਿਸਟ੍ਰੈਸ ਅਕਲਜੀਤ ਕੌਰ ਸਰਕਾਰੀ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾ ਕੇ ਵੀ ਇੱਕ ਦੂਜੇ ਦੀ ਮੱਦਦ ਲਈ ਤਿਆਰ ਕੀਤਾ ਜਾ ਰਿਹਾ ਹੈ। ਬਡੀ ਗਰੁੱਪ ਦੇ ਲੀਡਰ ਵਿਦਿਆਰਥੀ ਬਾਕੀ ਮੈਂਬਰ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਂਦੇ ਹਨ।ਉਹਨਾਂ ਨੂੰ ਪੜ੍ਹਨ ਲਈ ਪ੍ਰੇਰਿਤ ਕਰਦੇ ਹਨ।