ਨਵਾਂਸ਼ਹਿਰ, 21 ਦਸੰਬਰ : (ਐਨ ਟੀ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ 'ਬੇਟੀ ਬਚਾਓ ਬੇਟੀ ਪੜਾਓ' ਸਕੀਮ ਨੂੰ ਸਿਖਰ 'ਤੇ ਪਹੁੰਚਾਉਣ ਅਤੇ ਬੱਚੀਆਂ ਦੀ ਬਿਹਤਰੀ ਲਈ ਅਹਿਮ ਫ਼ੈਸਲੇ ਲਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਦੀਆਂ ਹੋਣਹਾਰ ਗ੍ਰੈਜੂਏਟ ਲੜਕੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਮੁਫ਼ਤ ਕੋਚਿੰਗ ਦੇਣ ਦਾ ਬਹੁਤ ਜਲਦ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿਚ ਕਿਸੇ ਪੱਖੋਂ ਵੀ ਘੱਟ ਨਾ ਰਹਿਣ। ਉਨਾਂ ਦੱਸਿਆ ਕਿ ਇਸੇ ਤਰਾਂ ਮੈਡੀਕਲ ਸਟਰੀਮ ਦੀਆਂ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ 'ਨੀਟ' ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ 'ਅਨੀਮੀਆ ਮੁਕਤ ਮੁਹਿੰਮ' ਤਹਿਤ ਬੱਚੀਆਂ ਵਿਚ ਖ਼ੂਨ ਦੀ ਕਮੀ ਦੀ ਜਾਂਚ ਲਈ ਸਿਹਤ ਵਿਭਾਗ ਨੂੰ ਹੋਮਿਓਗਲੋਬਿਨ ਮੀਟਰ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਲੜਕੀਆਂ ਲਈ ਸੈਲਫ ਡਿਫੈਂਸ ਦੀਆਂ ਕਲਾਸਾਂ ਸ਼ੁਰੂ ਕਰਨ ਅਤੇ ਖੇਡ ਟੂਰਨਾਮੈਂਟ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਕੀਮ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ। ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਨੇ ਬੀਤੀ ਤਿਮਾਹੀ ਦੌਰਾਨ 'ਬੇਟੀ ਬਚਾਓ, ਬੇਟੀ ਪੜਾਓ' ਸਕੀਮ ਤਹਿਤ ਜ਼ਿਲੇ ਵਿਚ ਕੀਤੇ ਗਏ ਵੱਖ-ਵੱਖ ਕੰਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਸਿਵਲ ਸਰਜਨ ਡਾ. ਆਰ. ਪੀ ਭਾਟੀਆ, ਡੀ. ਐਸ. ਪੀ ਨਿਰਮਲ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਸੀ. ਡੀ. ਪੀ. ਓ ਜਸਵੰਤ ਕੌਰ ਤੇ ਜਸਵਿੰਦਰ ਕੌਰ, 'ਸਖੀ ਵਨ ਸਟਾਪ ਸੈਂਟਰ' ਦੇ ਐਡਮਨਿਸਟ੍ਰੇਟਰ ਮਨਜੀਤ ਕੌਰ, ਸੁਪਰਡੈਂਟ ਨਿਰਮਲਾ ਦੇਵੀ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :- 'ਬੇਟੀ ਬਚਾਓ, ਬੇਟੀ ਪੜਾਓ' ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਆਰ. ਪੀ. ਭਾਟੀਆ ਤੇ ਹੋਰ।