ਐਮ.ਪੀ ਪਰਨੀਤ ਕੌਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨੀ ਸੰਘਰਸ਼ 'ਚ ਫ਼ੌਤ ਹੋਏ ਕਿਸਾਨ ਪਾਲ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਮੂਲੀਅਤ

ਅਸੀ ਕਿਸਾਨਾਂ ਨਾਲ ਖੜੇ ਹਾਂ, ਤੇ ਖੜੇ ਰਹਾਂਗੇ : ਪਰਨੀਤ ਕੌਰ

ਭਾਦਸੋਂ/ਨਾਭਾ/ਪਟਿਆਲਾ, 25 ਦਸੰਬਰ: (ਐਨ ਟੀ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਕਿਸਾਨਾਂ ਲਈ ਬਣਾਏ ਗਏ ਤਿੰਨੇ ਕਾਨੂੰਨ ਇੰਨੇ ਚੰਗੇ ਹੁੰਦੇ ਤਾਂ ਕਿਸਾਨਾਂ ਨੂੰ ਸੰਘਰਸ਼ ਦੀ ਜ਼ਰੂਰਤ ਨਹੀਂ ਸੀ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਗੱਲ ਗੰਭੀਰਤਾ ਨਾਲ ਲੈਂਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ੍ਰੀ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰਾਸ਼ਟਰਪਤੀ ਨੂੰ ਮਿਲਣਗੇ ਗਏ ਸਨ ਪਰ ਸ਼ਾਂਤੀਪੂਰਨ ਤਰੀਕੇ ਨਾਲ ਖੜੇ ਮੈਂਬਰਾਂ ਨਾਲ ਕੀਤਾ ਵਿਵਹਾਰ ਵੀ ਨਿੰਦਣਯੋਗ ਹੈ। ਸ੍ਰੀਮਤੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਪਿੰਡ ਸਹੋਲੀ ਵਿਖੇ ਕਿਸਾਨ ਪਾਲ ਸਿੰਘ ਨਮਿਤ ਅੰਤਿਮ ਅਰਦਾਸ 'ਚ ਸ਼ਿਰਕਤ ਕਰਨ ਪੁੱਜੇ ਹੋਏ ਸਨ, ਜੋ ਕਿ ਸਿੰਘੂ ਬਾਰਡਰ 'ਤੇ ਸੰਘਰਸ਼ ਦੌਰਾਨ ਫ਼ੌਤ ਹੋ ਗਏ ਸਨ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਅਤੇ ਖੇਤੀ ਨਾਲ ਸਬੰਧਤ ਤਿੰਨੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਜੋ ਸ਼ਾਂਤੀਪੂਰਨ ਸੰਘਰਸ਼ ਵਿੱਢਿਆ ਹੋਇਆ ਹੈ ਅਸੀ ਇਸ ਸੰਘਰਸ਼ 'ਚ ਕਿਸਾਨਾਂ ਨਾਲ ਖੜੇ ਹਾਂ ਅਤੇ ਖੜੇ ਰਹਾਂਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਕਿਸਾਨੀ ਸੰਘਰਸ਼ 'ਚ ਕਿਸੇ ਕਾਰਨ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜਖ਼ਮੀ ਹੋਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ। ਕਿਸਾਨ ਪਾਲ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਹੁਣ ਜਨ ਅੰਦੋਲਨ ਦਾ ਰੂਪ ਲੈ ਚੁੱਕਿਆ ਹੈ ਅਤੇ ਸਮਾਜ ਦਾ ਹਰੇਕ ਵਰਗ ਇਸ 'ਚ ਸ਼ਮੂਲੀਅਤ ਕਰਕੇ ਅੰਨ ਦਾਤੇ ਦੇ ਨਾਲ ਖੜ੍ਹਾਂ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਪਾਰਟੀ, ਫਿਰਕੇ ਜਾ ਧਰਮ ਤੋਂ ਉਪਰ ਉਠਕੇ ਆਉਣ ਵਾਲੀਆਂ ਪੀੜ੍ਹੀਆਂ ਦੀ ਹੋਂਦ ਲਈ ਹੈ ਅਤੇ ਇਸ ਲਈ ਹੁਣ ਹਰੇਕ ਵਰਗ ਦੇ ਲੋਕਾਂ ਵੱਲੋਂ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ। ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨ ਪਾਲ ਸਿੰਘ ਦੇ ਪਰਿਵਾਰ ਦੀ ਵਿੱਤੀ ਸਹਾਇਤਾ ਲਈ  ਪੰਜਾਬ ਸਰਕਾਰ ਵੱਲੋਂ ਭੇਜੀ ਗਈ 5 ਲੱਖ ਰੁਪਏ ਦੀ ਰਾਸ਼ੀ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਦੀ ਜੋ ਵੀ ਸੰਭਵ ਮਦਦ ਹੋ ਸਕੇਗੀ ਉਹ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੋੜਾ, ਮਾਰਕਿਟ ਕਮੇਟੀ ਨਾਭਾ ਦੇ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਮਾਰਕਿਟ ਕਮੇਟੀ ਭਾਦਸੋਂ ਦੇ ਚੇਅਰਮੈਨ ਪਰਮਜੀਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ  ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਫੋਟੋ 1 ਕੈਪਸ਼ਨ-ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਪਿੰਡ ਸਹੋਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨ ਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
ਫੋਟੋ 2 ਕੈਪਸ਼ਨ-ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਪਿੰਡ ਸਹੋਲੀ ਵਿਖੇ ਕਿਸਾਨ ਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ।