ਨਵਾਂਸ਼ਹਿਰ 27 ਦੰਸਬਰ (ਐਨ ਟੀ) ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਤੋਂ ਕਾਂਗਰਸ ਦੇ ਐਮਪੀਜ਼ ਅਤੇ ਵਿਧਾਇਕਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਲਗਾਤਾਰ ਚੱਲ ਰਹੇ ਧਰਨੇ ਵਿਚ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹੱਕ ਵਿਚ ਫ਼ੈਸਲੇ ਹੋਣ ਤੱਕ ਡੱਟ ਕੇ ਲੜਾਈ ਲੜੇਗੀ ਜਾਵੇਗੀ ਪੰਜਾਬ ਅਤੇ ਕਿਸਾਨੀ ਨੂੰ ਤਬਾਹ ਕਰਨ ਦੇ ਕੇਂਦਰ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੋਹ ਦੀ 2 ਡਿਗਰੀ ਵਾਲੀ ਕੜਾਕੇ ਦੀ ਠੰਢ ਵਿਚ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਸੜਕਾਂ 'ਤੇ ਰਾਤਾਂ ਗੁਜ਼ਾਰ ਰਹੇ ਹਨ, ਪਰੰਤੂ ਹੰਕਾਰ ਵਿਚ ਆਏ ਪ੍ਰਧਾਨ ਮੰਤਰੀ ਨੂੰ ਕੋਈ ਪਰਵਾਹ ਨਹੀਂ ਹੈ ਅਤੇ ਉਹ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਆਪਣੇ ਮਨ ਦੀਆਂ ਗੱਲਾਂ ਹੀ ਸੁਣਾਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀਆਂ ਤਾਨਾਸ਼ਾਹੀ ਨੀਤੀਆਂ ਨਾਲ ਮੁਲਕ ਦਾ ਸਾਰਾ ਢਾਂਚਾ ਵਿਗਾੜ ਦਿੱਤਾ ਹੈ। ਧਰਨੇ ਵਿਚ ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਐਮਪੀ ਰਵਨੀਤ ਸਿੰਘ ਬਿੱਟੂ, ਐਮਪੀ ਜਸਬੀਰ ਸਿੰਘ ਡਿੰਪਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਕੁਲਬੀਰ ਸਿਘ ਜੀਰਾ ਅਤੇ ਨਗਰ ਨਿਗਮਾਂ ਦੇ ਮੇਅਰਾਂ ਸਮੇਤ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਮਨ ਕੀ ਬਾਤ' ਦੌਰਾਨ ਥਾਲੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।