ਕੋਵਿਡ-19 ਟੀਕਾਕਰਨ ਮੁਹਿੰਮ ਵਿਚ ਜਾਨ ਫੂਕਣ ਲਈ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਸਮੇਤ ਹੋਰ ਡਾਕਟਰ ਸਹਿਬਾਨ ਨੇ ਲਗਵਾਇਆ ਟੀਕਾ


ਨਵਾਂਸ਼ਹਿਰ, 19 ਜਨਵਰੀ:(ਐਨ ਟੀ) ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਨੇ ਕੋਵਿਡ-19 ਵੈਕਸੀਨ ਪ੍ਰਤੀ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਖੁਦ ਕਮਾਨ ਸੰਭਾਲ ਲਈ ਹੈ। ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਵੱਲੋਂ ਕੋਵਿਡ-19 ਟੀਕਾ ਲਗਵਾਉਣ ਤੋਂ ਬਾਅਦ ਟੀਕਾਕਰਨ ਮੁਹਿੰਮ ਦੇ ਤੀਜੇ ਦਿਨ ਅੱਜ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜ ਰਾਣੀ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਕਟਾਰੀਆ ਅਤੇ ਮੈਡੀਕਲ ਅਫਸਰ ਸਪੈਸ਼ਲਿਸਟ ਡਾ. ਨਿਰਮਲ ਕੁਮਾਰ ਨੇ ਅੱਜ ਕੋਵਿਡ-19 ਦਾ ਟੀਕਾ ਲਗਵਾਇਆ। ਸ਼ਹੀਦ ਭਗਤ ਸਿੰਘ ਨਗਰ ਵਿਚ ਹੈਲਥ ਕੇਅਰ ਵਰਕਰਾਂ ਨੂੰ ਹੁਣ ਤੱਕ ਕੁੱਲ 100 ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਿਸੇ ਵੀ ਹੈਲਥ ਕੇਅਰ ਵਰਕਰ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ, ਜਿਸ ਦੇ ਸਾਈਡ ਇਫੈਕਟਰ ਹੋ ਸਕਦੇ ਹਨ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉੱਧਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਵਿਚ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਨੂੰ ਮਿਸਾਲ ਪੇਸ਼ ਕਰਨੀ ਪਵੇਗੀ।ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਸਿਵਲ ਹਸਪਤਾਲ, ਨਵਾਂਸ਼ਹਿਰ ਅਤੇ ਕਮਿਊਨਿਟੀ ਸਿਹਤ ਕੇਂਦਰ, ਮੁਕੰਦਪੁਰ ਵਿਖੇ ਦੋ ਸਥਾਨਾਂ ਉੱਤੇ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਨੂੰ 5300 ਕੋਵੀਸ਼ੀਲਡ ਵੈਕਸੀਨ ਦੀਆਂ ਡੋਜਾਂ ਪ੍ਰਾਪਤ ਹੋਈਆਂ ਹਨ, ਜੋ ਕਿ ਸਰਕਾਰੀ ਤੇ ਨਿੱਜੀ ਖੇਤਰ ਦੇ ਹੈਲਥ ਕੇਅਰ ਵਰਕਰਾਂ ਨੂੰ ਲਗਾਈਆਂ ਜਾਣੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਰਪਿੰਦਰ ਸਿੰਘ, ਡਾ. ਬਰਿੰਦਰ ਪਾਲ, ਡਾਕਟਰ ਸਵਰਨਜੀਤ ਕਲਾਰ, ਡਾਕਟਰ ਵਰਿੰਦਰ ਪਾਲ, ਡਾਕਟਰ ਨਿਰਮਲ, ਡਾਕਟਰ ਸੋਨੀਆ, ਐਲ ਐਚ ਵੀ ਬਲਵਿੰਦਰ ਕੌਰ, ਫਾਰਮੇਸੀ ਅਫ਼ਸਰ ਪਰਮਵੀਰ ਪ੍ਰਿੰਸ, ਨੇਹਾ ਜੋਤੀ ਮੇਘਾ, ਏ.ਐਨ.ਐਮ. ਮਨਜੀਤ ਕੌਰ, ਐਮ.ਐਲ.ਟੀ. ਰਾਜੇਸ਼, ਸੋਮ ਲਾਲ, ਰਾਜੇਸ ਕੁਮਾਰ  ਆਦਿ ਵੱਲੋਂ ਵੀ ਟੀਕਾਕਰਨ ਕਰਵਾਇਆ ਗਿਆ।