33 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਸੌਂਪੇ
ਨਵਾਂਸ਼ਹਿਰ, 8 ਜਨਵਰੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਅੱਜ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਸਕੇਲ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਬਲਾਚੌਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਅਤੇ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਗੈਰਾਂ ਵਾਲੇ ਅਤੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਦਾ ਅੰਨਦਾਤਾ ਇਸ ਹੱਠ ਚੀਰਵੀਂ ਠੰਢ ਵਿਚ ਪਿਛਲੇ ਲੰਮੇ ਸਮੇਂ ਤੋਂ ਸੜਕਾਂ 'ਤੇ ਰਾਤਾਂ ਗੁਜ਼ਾਰ ਰਿਹਾ ਹੈ, ਪਰੰਤੂ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋ ਰਿਹਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿਚ ਖੜੀ ਹੈ ਅਤੇ ਇਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰੇਕ ਪੱਧਰ 'ਤੇ ਲੜਾਈ ਲੜੀ ਜਾਵੇਗੀ।
ਇਸ ਦੌਰਾਨ ਉਨਾਂ ਬਲਾਕ ਦੇ ਤਿੰਨ ਪਿੰਡਾਂ ਵਿਚ 27 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਤੋਂ ਇਲਾਵਾ ਉਨਾਂ ਨੂੰ 33 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਸੌਂਪੇ। ਇਸ ਦੌਰਾਨ ਉਨਾਂ ਪਿੰਡ ਬਣਾਂ ਵਿਚ 9.10 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪੰਚਾਇਤ ਨੂੰ 16.60 ਲੱਖ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਇਸੇ ਤਰਾਂ ਪਿੰਡ ਸੁੱਧਾ ਮਾਜਰਾ ਵਿਚ 8.72 ਲੱਖ ਰੁਪਂਏ ਦੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਦਿਆਂ 12.79 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ। ਇਸ ਤੋਂ ਇਲਾਵਾ ਉਨਾਂ ਪਿੰਡ ਬੀੜ ਕਾਠਗੜ ਵਿਖੇ 9.80 ਲੱਖ ਰੁਪਏ ਦੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ ਅਤੇ ਪੰਚਾਇਤ ਨੂੰ 3.68 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਉਨਾਂ ਇਸ ਮੌਕੇ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗ੍ਰਾਂਟਾਂ ਨੂੰ ਹਦਾਇਤਾਂ ਅਨੁਸਾਰ ਸੁਚੱਜੇ ਢੰਗ ਨਾਲ ਖ਼ਰਚ ਕਰਕੇ ਇਨਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮਾਂ ਕਰਵਾਏ ਜਾਣ, ਤਾਂ ਜੋ ਹੋਰ ਗ੍ਰਾਂਟਾਂ ਦਾ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈੈਂਸ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਡੀ. ਡੀ. ਪੀ. ਓ ਦਵਿੰਦਰ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਹਰਜੀਤ ਜਾਡਲੀ, ਚੇਅਰਮੈਨ ਬਲਾਕ ਸੰਮਤੀ ਬਲਾਚੌਰ ਧਰਮਪਾਲ, ਸਰਪੰਚ ਵਾਸਦੇਵ, ਸਰਪੰਚ ਮਦਨ ਲਾਲ ਹਕਲਾ, ਸਰਪੰਚ ਗੁਰਦੇਵ ਸਿੰਘ, ਵਿਜੇ ਚੇਚੀ, ਅਸ਼ੋਕ ਟੌਂਸਾ, ਰਾਜ ਕੁਮਾਰ, ਸੁਰਿੰਦਰ ਸ਼ਿੰਦਾ, ਦੇਸ ਰਾਜ ਹਕਲਾ, ਮਲਕੀਤ ਸਿੰਘ ਨੰਬਰਦਾਰ, ਜਤਿੰਦਰ ਸਿੰਘ, ਸੰਦੀਪ ਭਾਟੀਆ, ਰਜਿੰਦਰ ਸਿੰਘ ਸ਼ਿੰਦੀ, ਵਿਜੇ ਰਾਣਾ ਅਤੇ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :-ਬਲਾਕ ਬਲਾਚੌਰ ਦੇ ਪਿੰਡ ਬੀੜ ਕਾਠਗੜ ਵਿਖੇ ਸ਼ਮਸ਼ਾਨਘਾਟ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ। ਨਾਲ ਹਨ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਸਕੇਲ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਅਤੇ ਹੋਰ।