ਅੰਮਿ੍ਰਤਸਰ ਜ਼ਿਲੇ ਦੀਆਂ ਰਮਦਾਸ, ਅਜਨਾਲਾ, ਰਈਆ, ਜੰਡਿਆਲਾ, ਮਜੀਠਾ ਨਗਰ ਕੌਂਸਲਾਂ ਅਤੇ ਨਗਰ ਨਿਗਮ ਦੀ ਵਾਰਡ ਨੰ: 37 ਦੀਆਂ ਚੋਣਾਂ ਲਈ ਆਦਰਸ਼ ਚੋਣ ਜਾਬਤਾ ਲਾਗੂ


ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਕਰਵਾਈਆਂ ਜਾਣਗੀਆਂ-ਡਿਪਟੀ ਕਮਿਸ਼ਨਰ

ਅੰਮਿ੍ਰਤਸਰ, 19 ਜਨਵਰੀ:-(ਐਨ ਟੀ) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਬਾਅਦ ਰਮਦਾਸ, ਅਜਨਾਲਾ, ਰਈਆ, ਜੰਡਿਆਲਾ, ਮਜੀਠਾ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਤੇ ਨਗਰ ਨਿਗਮ ਦੀ ਵਾਰਡ ਨੰ: 37 ਦੀਆਂ ਚੋਣਾਂ ਲਈ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ  ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦਾ ਕਾਰਜ ਮੁਕੰਮਲ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਨਾਂ ਚੋਣਾਂ ਲਈ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।        ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਰਣਬੀਰ ਸਿੰਘ ਮੁੱਧਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ -ਕਮ-ਵਧੀਕ ਜ਼ਿਲਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ  ਮਿਤੀ  14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ। ਸ੍ਰੀ ਮੁੱਧਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਇਨਾਂ ਚੋਣਾਂ ਲਈ ਵੋਟਾਂ ਵਾਲੇ ਸ਼ਹਿਰਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਵੱਧ ਚੜ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ। ਇਸ ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਸ੍ਰੀ ਰਜਤ ਓਬਰਾਏ, ਐਸ:ਡੀ:ਐਮ ਸ੍ਰੀ ਵਿਕਾਸ ਹੀਰਾ, ਐਸ:ਡੀ:ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਐਸ:ਡੀ:ਐਮ ਅਜਨਾਲਾ ਸ੍ਰੀ ਦੀਪਕ ਭਾਟੀਆ, ਐਸ:ਡੀ:ਐਮ ਮਜੀਠਾ ਮੈਡਮ ਅਨਾਇਤ ਗੁਪਤਾ, ਏ:ਡੀ:ਸੀ:ਪੀ ਸ੍ਰ ਹਰਪਾਲ ਸਿੰਘ, ਜਿਲਾ ਖੁਰਾਕ ਤੇ ਸਪਲਾਈ ਅਫਸਰ ਮੈਡਮ ਜਸਜੀਤ ਕੋਰ, ਕਾਰਜਕਾਰੀ ਅਫਸਰ ਜੰਡਿਆਲਾ ਸ੍ਰ ਜਗਤਾਰ ਸਿੰਘ, ਤਹਿਸੀਲਦਾਰ ਅਜਨਾਲਾ ਹਰਫੂਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਕੈਪਸ਼ਨ :- ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨਗਰ ਕੌਸਲਾਂ ਦੀਆਂ ਚੋਣਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ ਅਤੇ ਸ੍ਰੀ ਰਣਬੀਰ ਸਿੰਘ ਮੁੱਧਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ।