ਮਾਹਿਲਪੁਰ ਦੇ ਵੱਖ-ਵੱਖ ਪਿੰਡਾਂ ਲਈ ਐਮ.ਪੀ ਮਨੀਸ਼ ਤਿਵਾੜੀ ਵੱਲੋਂ ਕਰੀਬ 6.78 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਵਾਸਤੇ ਫੰਡ ਮੁਹੱਈਆ ਕਰਵਾਏ ਗਏ


ਮਾਹਿਲਪੁਰ, 22 ਜਨਵਰੀ:- ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਦੌਰ ਜਾਰੀ ਹੈ, ਜਿਨ੍ਹਾਂ ਵੱਲੋਂ ਬਲਾਕ ਮਾਹਿਲਪੁਰ ਦੇ ਪਿੰਡ ਬਬੋਰਾ ਵਿਖੇ ਆਯੋਜਿਤ ਇਕ ਪਬਲਿਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਚ ਕਰੀਬ 6.78 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਵਾਸਤੇ ਫੰਡ ਪੰਚਾਇਤਾਂ ਨੂੰ ਮੁਹੱਈਆ ਕਰਵਾਏ ਗਏ। ਐਮ.ਪੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਵਾਸਤੇ ਵਚਨਬੱਧ ਹੈ, ਤਾਂ ਜੋ ਪੇਂਡੂ ਇਲਾਕਿਆਂ ਚ ਵੀ ਸ਼ਹਿਰ ਦੇ ਪੱਧਰ ਤੇ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਵੀ ਨਿਸ਼ਾਨੇ ਤੇ ਲਿਆ ਅਤੇ ਕਿਹਾ ਕਿ ਇਕ ਪਾਸੇ ਜਿਥੇ ਜਵਾਨ ਸਰਹੱਦਾਂ ਤੇ ਦੇਸ਼ ਦੀ ਰਾਖੀ ਕਰ ਰਹੇ ਹਨ, ਉੱਥੇ ਹੀ ਕਿਸਾਨ ਦਿੱਲੀ ਦੀ ਸੀਮਾ ਤੇ ਕਿਸਾਨੀ ਦੀ ਰਾਖੀ ਕਰ ਰਹੇ ਹਨ। ਇਸ ਮੌਕੇ ਐੱਮ.ਪੀ ਤਿਵਾੜੀ ਵੱਲੋਂ ਪਾਰਕਾਂ, ਗਲੀਆਂ, ਨਾਲੀਆਂ, ਸਾਫ ਪੀਣ ਯੋਗ ਪਾਣੀ ਦੀ ਸਪਲਾਈ, ਸੜਕਾਂ ਆਦਿ ਵੱਖ-ਵੱਖ ਵਿਕਾਸ ਕਾਰਜਾਂ ਵਾਸਤੇ ਬਲਾਕ ਦੇ 28 ਪਿੰਡਾਂ ਨੂੰ ਕਰੀਬ 6.78 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ। ਜਦਕਿ 5 ਪਿੰਡਾਂ ਨੂੰ ਪਹਿਲਾਂ ਹੀ ਫੰਡ ਮੁਹੱਈਆ ਕਰਵਾਏ ਜਾ ਚੁੱਕੇ ਹਨ। ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਹਲਕੇ ਚ ਵਿਕਾਸ ਕਾਰਜਾਂ ਵਾਸਤੇ ਫੰਡ ਜਾਰੀ ਕਰਨ ਲਈ ਐਮ.ਪੀ ਤਿਵਾੜੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਲਕੇ ਚ ਵਿਕਾਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਕੈਪਟਨ ਬਲਬੀਰ ਸਿੰਘ, ਧਰਮਿੰਦਰ ਕੁਮਾਰ ਨਾਇਬ ਤਹਿਸੀਲਦਾਰ, ਬਲਦੇਵ ਕ੍ਰਿਸ਼ਨ ਬਬੋਰਾ, ਬਲਬੀਰ ਠਾਕੁਰ ਪ੍ਰਧਾਨ ਬਲਾਕ ਕਾਂਗਰਸ ਮਾਹਿਲਪੁਰ ਵੀ ਮੌਜੂਦ ਰਹੇ।