ਸੜੋਆ ਬਲਾਕ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਸ਼ੁੱਭ ਆਰੰਭ, ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਕੀਤੇ ਤਕਸੀਮ

ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ-ਐਮ. ਪੀ ਮਨੀਸ਼ ਤਿਵਾੜੀ

ਬਲਾਚੌਰ, 9 ਜਨਵਰੀ :(ਐਨ ਟੀ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਸੜੋਆ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਅਤੇ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿਚ ਸੜਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।  
ਇਸ ਦੌਰਾਨ ਉਨਾਂ ਸੜੋਆ ਬਲਾਕ ਦੇ ਪਿੰਡਾਂ ਕਰੀਮਪੁਰ ਚਾਹਵਾਲਾ, ਚਾਂਦਪੁਰ ਰੁਡਕੀ ਕਲਾਂ ਅਤੇ ਮਜਾਰੀ ਵਿਚ 26 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਤੋਂ ਇਲਾਵਾ ਉਨਾਂ ਨੂੰ 28.45 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ। ਇਸ ਮੌਕੇ ਉਨਾਂ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਲਈ 5.65 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪੰਚਾਇਤ ਨੂੰ 9.98 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਇਸੇ ਤਰਾਂ ਪਿੰਡ ਚਾਂਦਪੁਰ ਰੁੜਕੀ ਕਲਾਂ ਵਿਚ 15  ਲੱਖ ਰੁਪਂਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਪੰਚਾਇਤ ਨੂੰ 9.98 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ। ਇਸ ਤੋਂ ਇਲਾਵਾ ਉਨਾਂ ਪਿੰਡ ਮਜਾਰੀ ਵਿਖੇ 5.42 ਲੱਖ ਰੁਪਏ ਦੀ ਲਾਗਤ ਵਾਲੇ ਗੰਦੇ ਪਾਣੀ ਦੇ ਨਿਕਾਸੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਅਤੇ ਪੰਚਾਇਤ ਨੂੰ 8.49 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਉਨਾਂ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗ੍ਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾਵੇ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਬੀ. ਡੀ. ਪੀ. ਓ ਧਰਮ ਪਾਲ, ਚੇਅਰਮੈਨ ਬਲਾਕ ਸੰਮਤੀ ਗੌਰਵ ਵਿੱਕੀ, ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਹਰਜੀਤ ਜਾਡਲੀ, ਜ਼ਿਲਾ ਯੂਥ ਪ੍ਰਧਾਨ ਹੀਰਾ ਖੇਪੜ, ਰਜਿੰਦਰ ਸਿੰਘ ਸ਼ਿੰਦੀ, ਸਰਪੰਚ ਸੁੱਚਾ ਸਿੰਘ, ਸਰਪੰਚ ਬਿੰਦਰ ਸਿੰਘ, ਅਜੀਤ ਸਿੰਘ, ਨੰਦ ਲਾਲ, ਅਵਤਾਰ ਸਿੰਘ ਮਾਜਰੀ ਅਤੇ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :- ਬਲਾਕ ਸੜੋਆ ਦੇ ਪਿੰਡ ਚਾਂਦਪੁਰ ਰੁੜਕੀ ਕਲਾਂ ਵਿਖੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਐਮ. ਪੀ ਮਨੀਸ਼ ਤਿਵਾੜੀ।  ਨਾਲ ਹਨ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ