ਸਾਂਝਾ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਵਿਭਾਗਾਂ ਨੂੰ ਲੋਕਲ ਕਾਰੀਗਰਾਂ ਦੀ ਸ਼ਨਾਖਤ ਕਰਨ ਦੀ ਹਦਾਇਤ


ਨਵਾਂਸ਼ਹਿਰ, 4 ਜਨਵਰੀ : (ਐਨ ਟੀ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਲੇਸਮੈਂਟ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਜ਼ਿਲਾ ਅਤੇ ਬਲਾਕ ਪੱਧਰ 'ਤੇ ਪਲੇਸਮੈਂਟ ਕੈਂਪ ਲਗਾਏ ਜਾਣ ਦੇ ਉਪਰਾਲੇ ਕੀਤੇ ਜਾਣ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰਾਂ ਉਨਾਂ ਬੈਂਕਾਂ ਨੂੰ ਵੀ ਸਵੈ-ਰੋਜ਼ਗਾਰ ਕਰਜ਼ਿਆਂ ਦੇ ਟੀਚੇ ਪੂਰੇ ਕਰਨ ਅਤੇ ਬਕਾਇਆ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨਾਂ ਵੱਖ-ਵੱਖ ਵਿਭਾਗਾਂ ਨੂੰ ਲੋਕਲ ਕਾਰੀਗਰਾਂ ਦੀ ਸ਼ਨਾਖਤ ਕਰਨ ਦੀ ਹਦਾਇਤ ਕੀਤੀ, ਤਾਂ ਜੋ ਉਨਾਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਅਤੇ ਰੋਜ਼ਗਾਰ ਲਈ ਇਕ ਸਾਂਝਾ ਪਲੇਟਫਾਰਮ ਮੁਹੱਈਆ ਕਰਵਾਇਆ ਜਾ ਸਕੇ। ਇਸ ਦੌਰਾਨ ਉਨਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ 'ਤੇ ਖੜੇ ਹੋਣ ਦੇ ਕਾਬਿਲ ਬਣ ਸਕਣ। ਇਸ ਦੇ ਨਾਲ ਹੀ ਉਨਾਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਉਨਾਂ ਲਈ ਰੋਜ਼ਗਾਰ ਦੇ ਢੁਕਵੇਂ ਮੌਕੇ ਉਪਲਬੱਧ ਕਰਵਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਫੋਟੋ :-ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।