ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਰਕੇ ਹੀ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਏ-ਪ੍ਰਨੀਤ ਕੌਰ
ਪਟਿਆਲਾ, 23 ਜਨਵਰੀ: ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਜ਼ਿਲ੍ਹੇ ਦੇ ਪਿੰਡ ਤੁੰਗਾਂ ਪੁੱਜ ਕੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨ ਧੰਨਾ ਸਿੰਘ (65) ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਿਸਾਨ ਦੀ ਮਾਤਾ ਤੇਜ ਕੌਰ ਅਤੇ ਸੁਪਤਨੀ ਗੁਰਦਿਆਲ ਕੌਰ, ਬੇਟੇ ਅੱਛਰ ਸਿੰਘ ਤੇ ਹੋਰ ਪਰਿਵਾਰਕ ਜੀਆਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਧੰਨਾ ਸਿੰਘ ਦੇ ਚਲਾਣੇ ਨਾਲ ਪਰਿਵਾਰ ਤੇ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਆਗਾਮੀ ਸੰਸਦ ਇਜਲਾਸ 'ਚ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਵਿਰੋਧੀ ਧਿਰ ਵੱਲੋਂ ਮੋਦੀ ਸਰਕਾਰ ਨੂੰ ਘੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਹੋਰ ਵਿਰੋਧੀ ਦਲਾਂ ਵੱਲੋਂ ਇਸ ਸਬੰਧੀ ਨੀਤੀ ਬਣਾਈ ਗਈ ਹੈ। ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਜਦੋਂ ਪੂਰੇ ਵਿਸ਼ਵ ਦੀਆਂ ਨਜ਼ਰਾਂ ਇਸ ਕਿਸਾਨ ਅੰਦੋਲਨ ਵੱਲ ਲੱਗੀਆਂ ਹੋਈਆਂ ਹਨ ਤਾਂ ਕੇਂਦਰ ਦੀ ਸਰਕਾਰ ਕੇਵਲ ਵੱਡੇ ਪੂੰਜੀਪਤੀ ਘਰਾਣਿਆਂ ਦਾ ਹੀ ਪੱਖ ਪੂਰਨ 'ਤੇ ਲੱਗੀ ਹੋਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਜਿਹੜੇ ਖੇਤੀਬਾੜੀ ਕਾਨੂੰਨਾਂ ਤੋਂ ਸਾਡੇ ਕਿਸਾਨ ਹੀ ਖੁਸ਼ ਨਹੀਂ ਉਨ੍ਹਾਂ ਕਾਨੂੰਨਾਂ ਨੂੰ ਲੋਕਤੰਤਰ ਦੀ ਆਵਾਜ ਸੁਣਦਿਆਂ ਤੁਰੰਤ ਰੱਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੋਦੀ ਦੇ ਅੜੀਅਲ ਰਵੱਈਏ ਕਰਕੇ ਕਿਸਾਨ ਆਪਣੇ ਅੰਦਲੋਨ ਨੂੰ ਤਿੱਖਾ ਕਰਨ ਲਈ ਮਜ਼ਬੂਰ ਹਨ, ਇਸ ਲਈ ਕੇਂਦਰ ਸਰਕਾਰ ਆਪਣੇ ਅਜਿਹੇ ਅੜੀਅਲ ਰਵੱਈਏ ਦਾ ਤਿਆਗ ਕਰਕੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਕੇ। ਉਨ੍ਹਾਂ ਨੇ ਕਿਸਾਨ ਸੰਘਰਸ਼ 'ਚ ਆਏ ਕੁਝ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਵੀ ਮੰਗ ਕੀਤੀ। ਕੁੱਝ ਕਿਸਾਨਾਂ ਅਤੇ ਕਿਸਾਨ ਅੰਦੋਲਨ ਦੇ ਸਮਰਥਕਾਂ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਨੋਟਿਸ ਭੇਜੇ ਜਾਣ ਦੇ ਮੁੱਦੇ 'ਤੇ ਕੇਂਦਰੀ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਅਜਿਹੇ ਡਰਾਵਿਆਂ ਨਾਲ ਸਾਡੇ ਕਿਸਾਨ ਡਰਨ ਵਾਲੇ ਨਹੀਂ, ਇਸ ਲਈ ਮੋਦੀ ਸਰਕਾਰ ਨੂੰ ਕਾਲੇ ਖੇਤੀਬਾੜੀ ਕਾਨੂੰਨ ਤੁਰੰਤ ਮਨਸੂਖ ਕਰ ਦੇਣੇ ਚਾਹੀਦੇ ਹਨ, ਕਿਉਂਕਿ ਸਾਡੇ ਦੇਸ਼ ਕਿਸਾਨ ਆਪਣੀਆਂ ਜਾਇਜ਼ ਮੰਗਾਂ ਲਈ ਆਪਣੀ ਜਿੰਦਗੀ ਦੀ ਪਰਵਾਹ ਨਾ ਕਰਦਿਆਂ ਕੜਾਕੇ ਦੀ ਠੰਡ ਦੌਰਾਨ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪਰਿਵਾਰ ਨਾਲ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਔਖੀ ਘੜੀ 'ਚ ਕਿਸਾਨਾਂ ਦੀ ਬਾਂਹ ਫੜਦਿਆਂ ਵੱਡਾ ਐਲਾਨ ਕੀਤਾ ਹੈ ਕਿ ਇਸ ਸੰਘਰਸ਼ ਦੌਰਾਨ ਆਪਣੀ ਕੀਮਤੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ 'ਚੋਂ ਇੱਕ ਯੋਗ ਜਣੇ ਨੂੰ ਨੌਕਰੀ ਵੀ ਪ੍ਰਦਾਨ ਕੀਤੀ ਜਾਵੇਗੀ। ਜਦੋਂਕਿ ਇਸ ਤੋਂ ਪਹਿਲਾਂ ਅਜਿਹੇ ਕਿਸਾਨਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਡੀ.ਐਸ.ਪੀ ਰਜੇਸ਼ ਛਿੱਬੜ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਪਿੰਡ ਦੇ ਸਰਪੰਚ ਬਲਬੀਰ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਓਮ ਪ੍ਰਕਾਸ਼, ਜਰਨੈਲ ਸਿੰਘ, ਬਲਵਿੰਦਰ ਸਿੰਘ ਢੀਂਗੀ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਪਿੰਡ ਦੇ ਵਸਨੀਕ ਵੀ ਮੌਜੂਦ ਸਨ
ਫੋਟੋ ਕੈਪਸ਼ਨ-ਨਾਭਾ ਦੇ ਪਿੰਡ ਤੁੰਗਾਂ ਪੁੱਜੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਕਿਸਾਨ ਧੰਨਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ