ਨਵਾਂਸ਼ਹਿਰ, 28 ਫਰਵਰੀ : (ਬਿਊਰੋ) ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਹੁਣ ਤੱਕ 58328 ਪਰਿਵਾਰਾਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ ਅਤੇ ਰਹਿੰਦੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ 87711 ਰਜਿਸਟਰਡ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣੇ ਹਨ। ਉਨਾਂ ਦੱਸਿਆ ਕਿ ਕਾਰਡ ਬਣਾਉਣ ਲਈ ਜ਼ਿਲੇ ਵਿਚ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਲਾਭਪਾਤਰੀਆਂ ਵੱਲੋਂ ਆਪਣੇ ਕਾਰਡ ਬਣਵਾਏ ਗਏ ਹਨ। ਉਨਾਂ ਦੱਸਿਆ ਕਿ ਕਾਰਡ ਬਣਾਉਣ ਲਈ ਜਿਥੇ ਪਿੰਡ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ, ਉਥੇ ਜ਼ਿਲੇ ਦੀਆਂ ਸਮੂਹ ਮਾਰਕੀਟ ਕਮੇਟੀਆਂ, ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਚੋਂ ਵੀ ਇਹ ਕਾਰਡ ਬਣਵਾਏ ਜਾ ਸਕਦੇ ਹਨ। ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ਜੇ-ਫਾਰਮ ਧਾਰਕ ਕਿਸਾਨ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਆਸਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਕਾਰਡ ਨਾਲ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਸਾਲਾਨਾ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਹਾਲੇ ਤੱਕ ਕਾਰਡ ਬਣਾਉਣ ਤੋਂ ਵਾਂਝੇ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਈ-ਕਾਰਡ ਬਣਵਾਉਣ, ਤਾਂ ਜੋ ਉਨਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਫੋਟੋ :-ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।