ਨਵਾਂਸ਼ਹਿਰ, 8 ਫਰਵਰੀ : (ਬਿਊਰੋ) ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਦੀ ਰੋਸ਼ਨੀ ਵਿਚ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਹੋਣ ਵਾਲੀਆਂ ਚੋਣਾਂ ਦੌਰਾਨ ਵੋਟਾਂ ਵਾਲੇ ਦਿਨ ਮਿਤੀ 14 ਫਰਵਰੀ 2021 ਨੂੰ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 17 ਫਰਵਰੀ 2021 ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਬੰਧਤ ਨਗਰ ਕੌਂਸਲ/ਨਗਰ ਪੰਚਾਇਤ ਦੇ ਰੈਵੀਨਿਊ ਹਦੂਦ ਅੰਦਰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਮਿਤੀ 14 ਫਰਵਰੀ 2021 ਨੂੰ ਕਰਵਾਈਆਂ ਜਾ ਰਹੀਆਂ ਹਨ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ-ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਮਿਤੀ 14 ਫਰਵਰੀ 2021 ਨੂੰ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਆਪਣੇ ਪੱਤਰ ਰਾਹੀਂ ਚੋਣਾਂ ਵਾਲੇ ਦਿਨ ਭਾਵ ਮਿਤੀ 14 ਫਰਵਰੀ 2021 ਨੂੰ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਭਾਵ ਮਿਤੀ 17 ਫਰਵਰੀ 2021 ਨੂੰ ਡਰਾਈ ਡੇਅ ਘੋਸ਼ਿਤ ਕਰਨ ਬਾਰੇ ਲਿਖਿਆ ਗਿਆ ਹੈ।