ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ 2021, ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਪੋਲਿੰਗ

ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਵੋਟਰ-ਜ਼ਿਲਾ ਚੋਣ ਅਫ਼ਸਰ
ਨਵਾਂਸ਼ਹਿਰ, 13 ਫਰਵਰੀ : (ਬਿਊੂਰੋ) ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਲਈ ਭਲਕੇ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੇ ਕੰਮ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਸਿਰੇ ਚੜਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਆਪੋ-ਆਪਣੇ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਚੋਣਾਂ ਵਾਲੀਆਂ ਤਿੰਨਾਂ ਨਗਰ ਕੌਂਸਲਾਂ ਦੇ ਕੁੱਲ 47 ਵਾਰਡਾਂ ਲਈ 65 ਪੋਲਿੰਗ ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਦੇ 19 ਵਾਰਡਾਂ ਲਈ 37 ਪੋਲਿੰਗ ਬੂਥ ਬਣਾਏ ਗਏ ਹਨ। ਇਸੇ ਤਰਾਂ ਬੰਗਾ ਨਗਰ ਕੌਂਸਲ ਦੇ 15 ਵਾਰਡਾਂ ਲਈ 15 ਬੂਥ ਅਤੇ ਰਾਹੋਂ ਦੇ 13 ਵਾਰਡਾਂ ਲਈ 13 ਬੂਥ ਸਥਾਪਿਤ ਕੀਤੇ ਗਏ। ਉਨਾਂ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾ ਸਕਦੀਆਂ ਹਨ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ। ਉਨਾਂ ਸਬੰਧਤ ਨਗਰ ਕੌਂਸਲਾਂ ਦੇ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਐਸ. ਐਸ. ਪੀ ਅਲਕਾ ਮੀਨਾ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸੰਵੇਦਨਸ਼ੀਲ ਬੂਥਾਂ 'ਤੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਉਨਾਂ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਭੈੜੇ ਅਨਸਰਾਂ ਨਾਲ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਉਨਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਪੂਰਾ ਕਰਨ ਸਹਿਯੋਗ ਦੇਣ ਦੀ ਅਪੀਲ ਕੀਤੀ, ਤਾਂ ਜੋ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾ ਸਕੇ।
ਕੈਪਸ਼ਨ :- ਪੋਲਿੰਗ ਪਾਰਟੀਆਂ ਨੂੰ ਬੂਥਾਂ ਲਈ ਰਵਾਨਾ ਕੀਤੇ ਜਾਣ ਦੇ ਦਿ੍ਰਸ਼।