ਅੰਮ੍ਰਿਤਸਰ, 27 ਫਰਵਰੀ :(ਬਿਊਰੋ) ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜਿਲੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਚ ਈ-ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਐਤਵਾਰ 28 ਫਰਵਰੀ ਨੂੰ ਵੀ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਹਰ ਲਾਭਪਾਤਰੀ ਦਾ ਕਾਰਡ ਬਨਾਉਣ ਦੇ ਲਈ ਇਸ ਨੂੰ ਮੁਹਿੰਮ ਦੇ ਰੂਪ ਵਿਚ ਲਿਆ ਗਿਆ ਹੈ। ਜ਼ਿਲ੍ਹੇ ਵਿਚ ਜਿੱਥੇ ਲਾਭਪਾਤਰੀ ਸੇਵਾ ਕੇਂਦਰਾਂ ਵਿਚ ਆਪਣੇ ਈ-ਕਾਰਡ ਬਣਵਾ ਰਹੇ ਹਨ, ਉਥੇ ਪਿੰਡ ਪੱਧਰ 'ਤੇ ਵੀ ਉਹ ਕਾਮਨ ਸਰਵਿਸ ਸੈਂਟਰ ਰਾਂਹੀ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ ਇੰਟਰਪ੍ਰੋਨਿਓਰ (ਵੀ.ਐਲ.ਈ) ਪਿੰਡ ਪੱਧਰ ਈ-ਕਾਰਡ ਬਣਾਉਣ ਵਿੱਚ ਸ਼ਲਾਘਾਯੋਗ ਯੋਗਦਾਨ ਦੇ ਰਹੇ ਹਨ ਅਤੇ ਕੈਂਪ ਲਗਾਤਾਰ ਲੋਕਾਂ ਦੇ ਈ-ਕਾਰਡ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਜਾਗਰੂਕਤਾ ਵੈਨ ਵੀ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਈ-ਕਾਰਡ ਬਣਾਉਣ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਮਾਰਕਿਟ ਕਮੇਟੀਆਂ ਵਿੱਚ ਸਥਾਈ ਕੈਂਪ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਈ-ਕਾਰਡ ਬਣਾ ਸਕਣ। ਸ: ਖਹਿਰਾ ਨੇ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇਜ ਲਿਜਾ ਕੇ ਆਪਦੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ-ਫਾਰਮ ਧਾਰਕ ਅਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਉਸਾਰੀ ਭਲਾਈ ਬੋਰਡ ਅਧੀਨ ਰਜਿਸਟਰਡ ਕਾਮੇ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟ੍ਰੇਸ਼ਨ ਕਾਰਡ ਅਤੇ ਐਕਰੀਡੇਸ਼ਨ ਕਾਰਡ, ਪੀਲੇ ਕਾਰਡ ਧਾਰਕ ਪੱਤਰਕਾਰ ਆਪਣਾ ਆਧਾਰ ਕਾਰਡ ਜਾਂ ਪੀਲਾ ਪਹਿਚਾਣ ਪੱਤਰ ਲੈ ਕੇ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਲਗਾਏ ਜਾ ਰਹੇ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਆਉਂਦੇ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਾਉਣ। ਇਹ ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਯੋਗਤਾ ਵੈਬਸਾਈਟ www.sha.punjab.gov.in 'ਤੇ ਆ ਕੇ ਆਪਣੇ ਆਧਾਰ ਕਾਰਡ ਅਤੇ ਹੋਰ ਪਹਿਚਾਣ ਪੱਤਰ ਨੰਬਰ ਨੂੰ ਵੀ ਭਰ ਕੇ ਚੈਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।
ਕੈਪਸ਼ਨ : ਫਾਈਲ ਫੋਟੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ
ਕੈਪਸ਼ਨ : ਫਾਈਲ ਫੋਟੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ