ਨਵਾਂਸ਼ਹਿਰ, 11 ਫਰਵਰੀ :(ਐਨ ਟੀ ਟੀਮ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਿਊਰੋ ਦੀ ਕਾਰਜਸ਼ੀਲਤਾ ਵਧਾਉਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਜ਼ਿਲੇ ਦੇ ਪੇਂਡੂ ਖੇਤਰਾਂ ਵਿਚ ਵੱਧ ਤੋਂ ਵੱਧ ਪਲੇਸਮੈਂਟ ਕੈਂਪ ਲਗਾਏ ਜਾਣ ਦੇ ਉਪਰਾਲੇ ਕੀਤੇ ਜਾਣ, ਤਾਂ ਜੋ ਪਿੰਡਾਂ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਨਾਂ ਰੋਜ਼ਗਾਰ ਦੇ ਨਾਲ-ਨਾਲ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਨਾਲ ਲਾਭਪਾਤਰੀਆਂ ਨੂੰ ਜੋੜਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ 'ਤੇ ਖੜੇ ਹੋਣ ਦੇ ਕਾਬਿਲ ਬਣ ਸਕਣ। ਇਸ ਦੇ ਨਾਲ ਹੀ ਉਨਾਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਉਨਾਂ ਲਈ ਰੋਜ਼ਗਾਰ ਦੇ ਢੁਕਵੇਂ ਮੌਕੇ ਉਪਲਬੱਧ ਕਰਵਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ :- ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਅਤੇ ਹੋਰ।