ਨਵਾਂਸ਼ਹਿਰ, 5 ਫਰਵਰੀ : (ਬਿਊਰੋ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਲੜਕੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਭਵਿੱਖ ਵਿਚ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ. ਬੀ. ਈ. ਈ) ਰਾਹੀਂ ਨੌਕਰੀ ਹਾਸਲ ਕਰਨ ਵਾਲੀ ਹਰੇਕ ਲੜਕੀ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 'ਬੇਟੀ ਬਚਾਓ, ਬੇਟੀ ਪੜਾਓ' ਸਕੀਮ ਅਧੀਨ ਲੜਕੀਆਂ ਦੀਆਂ ਪ੍ਰਾਪਤੀਆਂ ਦਾ ਰੀਵਿਊ ਕਰਦਿਆਂ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਲੜਕੀਆਂ ਕਿਸੇ ਵੀ ਪੱਖੋਂ ਘੱਟ ਨਹੀਂ ਹਨ ਅਤੇ ਅੱਜ ਹਰੇਕ ਖੇਤਰ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੀਆਂ ਹਨ। ਉਨਾਂ ਕਿਹਾ ਕਿ ਲੜਕੀਆਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ, ਬੱਸ ਕੇਵਲ ਉਨਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਅਤੇ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਲੜਕੀਆਂ ਨੂੰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਉਨਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਉਨਾਂ ਦੀ ਢੁਕਵੀਂ ਪਲੇਸਮੈਂਟ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਇਸ ਮੌਕੇ ਜ਼ਿਲਾ ਰੋਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਯਕੀਨ ਦਿਵਾਇਆ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਅਤੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : 'ਬੇਟੀ ਬਚਾਓ, ਬੇਟੀ ਪੜਾਓ' ਸਕੀਮ ਤਹਿਤ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਤੇ ਹੋਰ।