ਟੀਮ ਵੱਲੋਂ ਜ਼ਿਲ੍ਹਾ ਕੁਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਏ ਗਏ ਟ੍ਰੇਨਿੰਗ ਕਮ ਜਾਗਰੂਕਤਾ ਪ੍ਰੋਗਰਾਮ ਵਿਚ ਸ਼ਮੂਲੀਅਤ
ਨਵਾਂਸ਼ਹਿਰ 3 ਫਰਵਰੀ:(ਬਿਊਰੋ) ਨਸ਼ਾ ਮੁਕਤ ਭਾਰਤ ਅਭਿਆਨ ਦੇ ਸਬੰਧ ਵਿਚ ਦਿੱਲੀ ਤੋਂ ਆਈ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਵਿਭਾਗਾਂ ਵੱਲੋ ਚਲਾਏ ਜਾ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਚੱਲ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਟੀਮ ਵੱਲੋਂ ਸਭ ਤੋਂ ਪਹਿਲਾਂ ਓਟ ਸੈਂਟਰ, ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋਂ ਓਟ ਸੈਂਟਰ ਕੌਂਸਲਰ ਅਤੇ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਜ਼ਿਲ੍ਹਾ ਸਾਈਕੈਟ੍ਰਿਸਟ ਡਾ. ਰਜਿੰਦਰ ਮਾਗੋ ਨੇ ਜ਼ਿਲੇ ਵਿਚ ਕੁਸ਼ਲਤਾ ਨਾਲ ਚੱਲ ਰਹੇ ਸਮੂਹ ਓਟ ਸੈਂਟਰਾਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਸੰਤੋਸ਼ ਵਿਰਦੀ ਅਤੇ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਜ਼ਿਲ੍ਹਾ ਕੁਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਦੀ ਅਗਵਾਈ ਹੇਠ ਆਈ.ਟੀ.ਆਈ. (ਲੜਕੀਆਂ), ਨਵਾਂਸ਼ਹਿਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਏ ਗਏ ਟ੍ਰੇਨਿੰਗ ਕਮ ਜਾਗਰੂਕਤਾ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਦਿੱਲੀ ਦੀ ਟੀਮ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਔੜ ਵਿਖੇ ਏ.ਐਸ.ਆਈ. ਹੁਸਨ ਲਾਲ ਦੀ ਅਗਵਾਈ ਵਿਚ ਕਰਵਾਏ ਗਏ ਪ੍ਰੋਗਰਾਮ ਨਸ਼ਿਆਂ ਵਿਰੁੱਧ ਲੋਕ ਸੰਵਾਦ ਵਿਚ ਹਿੱਸਾ ਲਿਆ। ਇਸ ਦੌਰਾਨ ਦਿੱਲੀ ਟੀਮ ਦੇ ਪ੍ਰਤੀਨਿਧੀ ਸ੍ਰੀ ਆਨੰਦ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਇਹ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਆਰੰਭੇ ਨਸ਼ਾ ਮੁਕਤ ਭਾਰਤ ਪ੍ਰੋਗਰਾਮ ਤਹਿਤ ਨੌਜਵਾਨ ਨਸ਼ਿਆਂ ਦਾ ਤਿਆਗ ਕਰ ਰਹੇ ਹਨ ਅਤੇ ਮੁੱਖ ਧਾਰਾ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਭਾਰਤ ਸਰਕਾਰ ਕਰਵਾਏ ਗਏ ਪ੍ਰੋਗਰਾਮਾਂ ਦੀ ਸਮੀਖਿਆ ਕਰ ਰਹੀ ਹੈ ਅਤੇ ਸਮੀਖਿਆ ਪੂਰੀ ਹੋਣ ਤੋਂ ਬਾਅਦ ਨਵੀਂ ਯੋਜਨਾ ਬਣਾ ਕੇ ਇਸ ਪ੍ਰੋਗਰਾਮ ਨੂੰ ਹੋਰ ਵੀ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇਸ ਲਈ ਜ਼ਰੂਰੀ ਹੈ, ਕਿਉਂਕਿ ਨਸ਼ਾ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਦਿੰਦਾ ਹੈ ਅਤੇ ਇਸ ਉੱਤੇ ਲਗਾਮ ਲਗਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਔੜ ਵਿਖੇ ਏ.ਐਸ.ਆਈ. ਹੁਸਨ ਲਾਲ ਨੇ ਦੱਸਿਆ ਕਿ ਨਸ਼ੇ ਦਾ ਆਦੀ ਮਨੁੱਖ ਜਿੱਥੇ ਆਰਥਿਕ ਤੌਰ ਉੱਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ ਉੱਤੇ ਹੀਣਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਪ੍ਰੇਸ਼ਾਨੀ ਵਿੱਚ ਉਲਝ ਕੇ ਰਹਿ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਸੰਤੋਸ਼ ਵਿਰਦੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਰੁਚੀ ਰੱਖਣੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਨੂੰ ਅਨੁਸ਼ਾਸਨਿਕ ਜੀਵਨ ਜਿਊਣ ਦੀ ਪ੍ਰੇਰਨਾ ਮਿਲਦੀ ਹੈ। ਨੌਜਵਾਨ ਪੀੜੀ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜਿਹੜੇ ਨੌਜਵਾਨ ਨਸ਼ੇ ਕਰਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਓ ਸੈਂਟਰਾਂ ਵਿੱਚ ਭਰਤੀ ਕਰਵਾਉਣਾ ਚਾਹੀਦਾ ਹੈ ਤਾਂ ਹੀ ਨਸ਼ੇ ਦੀ ਲਾਹਨਤ ਦੂਰ ਹੋ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਨਸ਼ਾ-ਪੀੜਤਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨਵੇਂ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਕੇ ਨਸ਼ਾ-ਮੁਕਤ ਕੀਤਾ ਜਾ ਸਕੇ। ਇਸ ਦੌਰਾਨ ਬਲਾਕ ਐਕਸਟੈਨਸ਼ਨ ਐਜੂਕੇਟਰ ਸ੍ਰੀ ਵਿਕਾਸ ਵਿਰਦੀ ਨੇ ਕਿਹਾ ਕਿ ਸਿਹਤ ਵਿਭਾਗ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਮੁਫਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਇਹ ਵੀ ਕਿਹਾ ਕਿ ਕੋਰੋਨਾ ਦੇ ਸਮੇਂ ਦੌਰਾਨ ਵੀ ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਨਸ਼ਿਆਂ ਦੀ ਆਦਤ ਤੋਂ ਛੁਟਕਾਰਾ ਪਾ ਸਕਣ। ਇਸ ਮੌਕੇ ਕੈਰੀਅਰ ਕੌਂਸਲਰ ਰੁਜ਼ਗਾਰ ਵਿਭਾਗ ਦੇ ਹਰਮਨਦੀਪ ਸਿੰਘ ਨੇ ਸਮੂਹ ਸਟਾਫ ਦੇ ਨਾਲ-ਨਾਲ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਸ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਆਪੋ-ਅਪਣਾ ਯੋਗਦਾਨ ਪਾਉਣ ਲਈ ਅੱਗੇ ਆਈਏ। ਉਨ੍ਹਾਂ ਵੀ ਦੱਸਿਆ ਕਿ ਨਸ਼ਾ ਇਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ ਅਤੇ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ, ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਓਟ ਸੈਂਟਰ ਚੱਲ ਰਿਹਾ ਹੈ, ਜਿੱਥੇ ਨਸ਼ਾ ਰੋਗੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਨਸ਼ੇ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾ ਰਿਹਾ ਹੈ। ਅੰਤ ਵਿਚ ਦਿੱਲੀ ਤੋਂ ਆਈ ਕੇਂਦਰੀ ਟੀਮ ਨੇ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਚੱਲ ਰਹੇ ਪ੍ਰੋਗਰਾਮਾਂ ਉੱਤੇ ਸੰਤੁਸ਼ਟੀ ਜਾਹਿਰ ਕੀਤੀ ਅਤੇ ਕਿਹਾ ਕਿ ਜ਼ਿਲ੍ਹੇ ਵਿਚ ਬਿਹਤਰ ਢੰਗ ਨਾਲ ਪ੍ਰੋਗਰਾਮ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜ਼ਿਲ੍ਹੇ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ ਅਤੇ ਇਸ ਲਈ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਸ਼ਲਾਘਾ ਦੇ ਪਾਤਰ ਹਨ।