ਚੋਣ ਆਬਜ਼ਰਵਰਾਂ ਵੱਲੋਂ ਰਿਟਰਨਿੰਗ ਅਫ਼ਸਰਾਂ ਨੂੰ ਸ਼ਾਂਤਮਈ, ਨਿਰਪੱਖ ਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਯਕੀਨੀ ਬਣਾਉਣ ਦੀ ਹਦਾਇਤ

*ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 9 ਫਰਵਰੀ :- ਨਗਰ ਕੌਂਸਲ ਚੋਣਾਂ ਲਈ ਜ਼ਿਲੇ 'ਚ ਤਾਇਨਾਤ ਕੀਤੇ ਗਏ ਆਬਜ਼ਰਵਰਾਂ ਵੱਲੋਂ ਅੱਜ ਰਿਟਰਨਿੰਗ ਅਫ਼ਸਰਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਜਨਰਲ ਚੋਣ ਆਬਜ਼ਰਵਰ ਡੀ. ਪੀ. ਐਸ ਖਰਬੰਦਾ ਅਤੇ ਪੁਲਿਸ ਆਬਜ਼ਰਵਰ ਐਸ. ਕੇ ਕਾਲੀਆ ਨੇ ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਅਤੇ ਐਸ. ਐਸ. ਪੀ ਅਲਕਾ ਮੀਨਾ ਦੀ ਮੌਜੂਦਗੀ ਵਿਚ ਰਿਟਰਨਿੰਗ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਰਿਟਰਨਿੰਗ ਅਫ਼ਸਰ ਚੋਣਾਂ ਦੌਰਾਨ ਰੀੜ ਦੀ ਹੱਡੀ ਹੁੰਦੇ ਹਨ ਅਤੇ ਚੋਣਾਂ ਨੂੰ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਕਰਵਾਉਣ ਦੀ ਮੁੱਖ ਜਿੰਮੇਵਾਰੀ ਉਨਾਂ ਦੀ ਹੁੰਦੀ ਹੈ। ਉਨਾਂ ਕਿਹਾ ਕਿ ਚੋਣ ਅਮਲੇ ਦੀ ਸਿਖਲਾਈ ਤੋਂ ਲੈ ਕੇ ਵੋਟਾਂ ਵਾਲੇ ਦਿਨ ਲਈ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨੇਪਰੇ ਚਾੜਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 
ਜਨਰਲ ਆਬਜ਼ਰਵਰ ਡੀ. ਪੀ. ਐਸ ਖਰਬੰਦਾ ਨੇ ਇਸ ਮੌਕੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨਾ ਚਾਹੀਦਾ ਹੈ, ਕਿਉਂਕਿ ਇਹ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਦਾ ਆਧਾਰ ਹੁੰਦਾ ਹੈ। ਉਨਾਂ ਇਹ ਵੀ ਕਿਹਾ ਕਿ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਸਮੂਹ ਪੋਿਗ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਪੁਲਿਸ ਆਬਜ਼ਰਵਰ ਐਸ. ਕੇ ਕਾਲੀਆ ਨੇ ਕਿਹਾ ਕਿ ਵੋਟਰਾਂ ਵਿਚ ਵਿਸ਼ਵਾਸ ਬਣਾਈ ਰੱਖਣ ਲਈ ਸਾਰੇ ਸੰਵੇਦਨਸ਼ੀਲ ਬੂਥਾਂ 'ਤੇ ਸੁਰੱਖਿਆ ਦੇ ਵਿਸ਼ੇਸ਼ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ। 
ਇਸ ਮੌਕੇ ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਜ਼ਿਲਾ ਚੋਣ ਅਫ਼ਸਰ ਅਮਰਦੀਪ ਸਿੰਘ ਬੈਂਸ ਨੇ ਯਕੀਨ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਪਾਬੰਦ ਹੈ। ਉਨਾਂ ਦੱਸਿਆ ਕਿ ਇਸ ਲੋਕਤੰਤਰੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ
ਇਸ ਦੌਰਾਨ ਦੋਵਾਂ ਚੋਣ ਆਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਉਨਾਂ ਨੂੰ ਆਦਰਸ਼ ਚੋਣ ਜ਼ਾਬਤੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਦਾ ਕਰਨ ਲਈ ਕਿਹਾ। ਉਨਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਸੁਣੇ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਇਨਾਂ ਦਾ ਫੌਰੀ ਨਿਪਟਾਰਾ ਕਰਨ ਲਈ ਕਿਹਾ। ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਸ਼ਾਂਤਮਈ, ਆਜ਼ਾਦ ਤੇ ਨਿਰਪੱਖ ਚੋਣਾਂ ਲਈ ਜ਼ਿਲਾ ਪ੍ਰਸ਼ਾਸਨ ਨੂੰ ਪੂਰਾ ਸਹਿਸੋਗ ਦਿੱਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।   
ਕੈਪਸ਼ਨ :- ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਜਨਰਲ ਆਬਜ਼ਰਵਰ ਡੀ. ਪੀ. ਐਸ ਖਰਬੰਦਾ ਅਤੇ ਪੁਲਿਸ ਆਬਜ਼ਰਵਰ ਐਸ. ਕੇ ਕਾਲੀਆ। ਨਾਲ ਹਨ ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ ਅਤੇ ਹੋਰ ਅਧਿਕਾਰੀ।