ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ-ਅਬਜ਼ਰਵਰ ਡੀ. ਪੀ. ਐਸ ਖਰਬੰਦਾ


ਨਵਾਂਸ਼ਹਿਰ, 2 ਫਰਵਰੀ : (ਬਿਊਰੋ) ਜ਼ਿਲੇ ਵਿਚ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਅਬਜ਼ਰਵਰ ਡੀ. ਪੀ. ਐਸ ਖਰਬੰਦਾ, ਆਈ. ਏ. ਐਸ ਵੱਲੋਂ ਅੱਜ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਗਿਆ। ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ. ਐਸ. ਪੀ ਅਲਕਾ ਮੀਨਾ ਦੀ ਮੌਜੂਦਗੀ ਵਿਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਖਰਬੰਦਾ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ। ਉਨਾਂ ਕਿਹਾ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ 'ਤੇ ਪੂਰੀ ਨਿਗਰਾਨੀ ਰੱਖਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਚੋਣਾਂ ਨਾਲ ਜੁੜਿਆ ਸਮੁੱਚਾ ਅਮਲਾ ਆਪਣੀ ਡਿਊਟੀ ਜਿੰਮੇਵਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਨਿਭਾਏ। ਇਸ ਦੌਰਾਨ ਉਨਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣਾਂ ਨਾਲ ਸਬੰਧਤ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਤਿੰਨਾਂ ਨਗਰ ਕੌਂਸਲਾਂ ਵਿਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਪਹਿਲਾਂ ਅਬਜ਼ਰਵਰ ਡੀ. ਪੀ. ਐਸ ਖਰਬੰਦਾ ਨੇ ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਸਮੇਤ ਨਵਾਂਸ਼ਹਿਰ ਨਗਰ ਕੌਂਸਲ ਚੋਣਾਂ ਸਬੰਧੀ ਬਣਾਏ ਗਏ ਆਰ. ਕੇ ਆਰੀਆ ਕਾਲਜ ਵਿਖੇ ਬਣਾਏ ਸਟਰੋਂਗ ਰੂਮ, ਡਿਸਪੈਚ ਸੈਂਟਰ ਅਤੇ  ਗਿਣਤੀ ਕੇਂਦਰ ਦਾ ਨਿਰੀਖਣ ਕਰਨ ਤੋਂ ਇਲਾਵਾ ਵੱਖ-ਵੱਖ ਪੋਲਿੰਗ ਬੂਥਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਸਟਰੌਂਗ ਰੂਮ ਦੇ ਸੁਰੱਖਿਆ ਇੰਤਜ਼ਾਮਾਂ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜਿਆ ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨੂੰ ਪੂਰੀ ਮੁਸਤੈਦੀ ਅਤੇ ਤਨਦੇਹੀ ਨਾਲ ਨਿਭਾਵੇ, ਤਾਂ ਜੋ ਚੋਣ ਪ੍ਰਕਿਰਿਆ ਨੂੰ ਬਿਨਾਂ ਕਿਸੇ ਅੜਚਣ ਦੇ ਵਧੀਆ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਐਸ. ਪੀ ਹੈੱਡਕੁਆਰਟਰ ਮਨਵਿੰਦਰ ਵੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ, ਡੀ. ਐਸ. ਪੀ ਸਵਿੰਦਰਪਾਲ ਸਿੰਘ, ਐਸ. ਐਚ. ਓ ਵਿਜੇ ਕੁਮਾਰ, ਈ. ਟੀ. ਓ ਗੁਰਦਾਸ ਸਿੰਘ, ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਸਟਰੌਂਗ ਰੂਮ ਅਤੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਂਦੇ ਹੋਏ ਅਬਜ਼ਰਵਰ ਡੀ. ਪੀ. ਐਸ ਖਰਬੰਦਾ। ਨਾਲ ਹਨ ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਤੇ ਹੋਰ।