ਚੋਣਾਂ ਵਾਲੀਆਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਸੀ. ਸੀ. ਟੀ. ਵੀ ਕੈਮਰੇ ਚਾਲੂ ਹਾਲਤ ਵਿਚ ਰੱਖਣ ਦੇ ਆਦੇਸ਼

ਨਵਾਂਸ਼ਹਿਰ, 11 ਫਰਵਰੀ :ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਦੀ ਹਦੂਦ ਅੰਦਰ ਜਿਨਾਂ ਲੋਕਾਂ ਵੱਲੋਂ ਆਪਣੇ ਘਰਾਂ, ਦੁਕਾਨਾਂ ਅਤੇ ਹੋਰ ਸਥਾਨਾਂ 'ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਹਨ, ਉਨਾਂ ਦੇ ਮਾਲਕ, ਸੀ. ਸੀ. ਟੀ. ਵੀ ਕੈਮਰਿਆਂ ਨੂੰ ਚਾਲੂ ਹਾਲਤ ਵਿਚ ਰੱਖਣਗੇ ਅਤੇ ਪੁਲਿਸ ਵਿਭਾਗ ਵੱਲੋਂ ਸੀ. ਸੀ. ਟੀ. ਵੀ ਰਿਕਾਰਡਿੰਗ ਮੰਗਣ 'ਤੇ ਉਨਾਂ ਨੂੰ ਮੁਹੱਈਆ ਕਰਵਾਉਣਗੇ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਨਗਰ ਕੌਂਸਲ ਚੋਣਾਂ ਦੀ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਮਿਤੀ 14 ਫਰਵਰੀ 2021 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਜ਼ਿਲੇ ਅੰਦਰ ਵੀ ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਦੀਆਂ ਚੋਣਾਂ ਮਿਤੀ 14 ਫਰਵਰੀ 2021 ਨੂੰ ਹੋ ਰਹੀਆਂ ਹਨ। ਇਹ ਆਮ ਵੇਖਣ ਵਿਚ ਆਇਆ ਹੈ ਕਿ ਆਮ ਲੋਕਾਂ ਵੱਲੋਂ ਆਪਣੇ ਘਰਾਂ, ਦੁਕਾਨਾਂ ਅਤੇ ਹੋਰ ਸਥਾਨਾਂ 'ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਹੋਏ ਹਨ। ਚੋਣਾਂ ਦੌਰਾਨ ਲੜਾਈ-ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਲੜਾਈ-ਝਗੜੇ ਹੋਣ ਦੀ ਸੂਰਤ ਵਿਚ ਪੁਲਿਸ ਵਿਭਾਗ ਨੂੰ ਸੀ. ਸੀ. ਟੀ. ਵੀ ਰਿਕਾਰਡਿੰਗ ਦੀ ਲੋੜ ਪੈ ਸਕਦੀ ਹੈ।