ਬਲਾਚੌਰ ’ਚ ਕੋਵਿਡ ਹੁਕਮਾਂ ਤੇ ਨੇਮਾਂ ਦੀ ਉਲੰਘਣਾ ਸਬੰਧੀ ਤਿੰਨ ਮਾਮਲੇ ਦਰਜ

*ਦਿਸ਼ਾ-ਨਿਰਦੇਸ਼ ਨਾ ਮੰਨਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਐਸ. ਡੀ. ਐਮ
ਬਲਾਚੌਰ, 26 ਫਰਵਰੀ : ਜ਼ਿਲੇ ਵਿਚ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜਾਰੀ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਬਲਾਚੌਰ ਵਿਖੇ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਬੀਤੇ ਦਿਨ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਨੇ ਦੱਸਿਆ ਕਿ ਇਸ ਸਬੰਧੀ ਬਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 5, ਬਲਾਚੌਰ ਖਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਐਫ. ਆਈ. ਆਰ ਨੰਬਰ 20 ਦਰਜ਼ ਕੀਤੀ ਗਈ ਹੈ। ਇਸੇ ਤਰਾਂ ਥਾਣਾ ਕਾਠਗੜ ਵਿਖੇ ਸੰਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗੋਦਾਰਾ, ਬਾਜਾਖਾਨਾ, ਫਰੀਦਕੋਟ ਖਿਲਾਫ਼ ਐਫ. ਆਈ. ਆਰ ਨੰਬਰ 22 ਅਤੇ ਥਾਣਾ ਬਲਾਚੌਰ ਵਿਖੇ ਸੁਖਵਿੰਦਰ ਸਿੰਘ ਪੁੱਤਰ ਲੱਖ ਰਾਜ ਵਾਸੀ ਪਿੰਡ ਜਡਾਲੀ ਖਿਲਾਫ਼ ਐਫ. ਆਈ. ਆਰ ਨੰਬਰ 23 ਦਰਜ ਕੀਤੀ ਗਈ ਹੈ।ਐਸ. ਡੀ. ਐਮ ਦੀਪਕ ਰੁਹੇਲਾ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਪ੍ਰਤੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ। ਉਨਾਂ ਕਿਹਾ ਕਿ ਇਹ ਆਮ ਵੇਖਣ ਵਿਚ ਆ ਰਿਹਾ ਹੈ ਕਿ ਲੋਕਾਂ ਵੱਲੋਂ ਇਸ ਨੂੰ ਹਲਕੇ ਵਿਚ ਲਿਆ ਜਾ ਰਿਹਾ ਹੈ, ਜੋ ਕਿ ਘਾਤਕ ਸਿੱਧ ਹੋ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਕੋਵਿਡ ਨਿਯਮਾਂ ਦਾ ਪੂਰੀ ਤਰਾਂ ਪਾਲਣ ਕਰਨ ਅਤੇ ਸਮਾਜਿਕ ਦੂਰੀ ਰੱਖਣ ਦੇ ਨਾਲ-ਨਾਲ ਮਾਸਕ ਪਹਿਨਣਾ ਯਕੀਨੀ ਬਣਾਉਣ ਅਤੇ ਜਨਤਕ ਤੌਰ 'ਤੇ ਨਾ ਥੁੱਕਣ। ਉਨਾਂ ਕਿਹਾ ਕਿ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।