ਯੋਜਨਾ ਤਹਿਤ ਯੋਗ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲਦੀ ਹੈ ਸੁਵਿਧਾ
ਨਵਾਂਸ਼ਹਿਰ, 23 ਫਰਵਰੀ :- ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਸਟੇਟ ਹੈਲਥ ਏਜੰਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਅਮਿਤ ਕੁਮਾਰ, ਆਈ. ਏ. ਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆ ਦੇ ਈ-ਕਾਰਡ ਬਣਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਅੱਜ ਇਥੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਈ-ਕਾਰਡਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਦ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦੇ ਹਰੇਕ ਮੈਂਬਰ ਦਾ ਵੱਖਰਾ ਕਾਰਡ ਬਣਵਾਉਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ. ਐਸ. ਸੀ), ਸੇਵਾ ਕੇਂਦਰ ਜਾਂ ਮਾਰਕੀਟ ਕਮੇਟੀਆਂ ਵਿਚ 30 ਰੁਪਏ ਪ੍ਰਤੀ ਕਾਰਡ ਦੀ ਫੀਸ ਨਾਲ ਜ਼ਰੂਰੀ ਦਸਤਾਵੇਜਾਂ ਨਾਲ ਪੁੱਜ ਕੇ ਆਪਣਾ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਕੇਂਦਰਾਂ ਦੀ ਸੂਚੀ ਅਤੇ ਆਪਣੀ ਪਾਤਰਤਾ ਜਾਂਚਣ ਲਈ www.sha.punjab.gov.in ਵੈੱਬਸਾਈਟ 'ਤੇ ਜਾ ਕੇ ਚੈੱਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ਐਕਰੀਡੇਟਿਡ ਅਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਆਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ (ਜੇਕਰ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ, ਜੋ ਕਿ ਸਰਪੰਚ ਜਾਂ ਕੌਂਸਲਰ ਤੋਂ ਤਸਦੀਕ ਕੀਤਾ ਹੋਵੇ) ਅਤੇ ਉਸਾਰੀ ਕਿਰਤੀ ਦਾ ਰਜਿਸਟ੍ਰੇਸ਼ਨ ਕਾਰਡ ਹੋਣਾ ਲਾਜ਼ਮੀ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਜ਼ਿਲੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ ਅਤੇ ਉਨਾਂ ਸਾਰੇ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾਵੇ, ਜਿਨਾਂ ਨੇ ਹਾਲੇ ਤੱਕ ਇਸ ਸਕੀਮ ਦੇ ਲਾਭ ਹਿੱਤ ਕਾਰਡ ਨਹੀਂ ਬਣਵਾਏ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਹਰੇਕ ਜ਼ਿਲੇ ਵਿਚ ਇਕ ਵਿਸ਼ੇਸ਼ ਜਾਗਰੂਕਤਾ ਵੈਨ ਵੀ ਚਲਾਈ ਗਈ ਹੈ ਅਤੇ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਵੀ ਕਾਰਡ ਬਣਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਉਨਾਂ ਨੂੰ ਦੱਸਿਆ ਕਿ ਜ਼ਿਲੇ ਵਿਚ ਇਸ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਪਿੰਡ ਪੱਧਰ 'ਤੇ ਕੈਂਪ ਲਗਾਉਣ ਤੋਂ ਇਲਾਵਾ ਜ਼ਿਲੇ ਦੇ ਸਮੂਹ 170 ਕਾਮਨ ਸਰਵਿਸ ਸੈਂਟਰਾਂ, 17 ਸੇਵਾ ਕੇਂਦਰਾਂ ਅਤੇ ਸਮੂਹ ਮਾਰਕੀਟ ਕਮੇਟੀਆਂ ਵਿਚ ਕਾਰਡ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
ਫੋਟੋ : -ਅਮਿਤ ਕੁਮਾਰ, ਵਿਸ਼ੇਸ਼ ਸਕੱਤਰ ਸਿਹਤ।