ਪਟਿਆਲਾ 21 ਮਾਰਚ: (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਸਿੱਖਿਆ ਵਿਭਾਗ ਦੇ ਹਰ ਅਧਿਕਾਰੀ, ਸਕੂਲ ਮੁਖੀ ਤੇ ਅਧਿਆਪਕ ਵੱਲੋਂ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਉਕਤ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ 'ਚ ਪਿਛਲੇ ਸੈਸ਼ਨ ਦੌਰਾਨ 14 ਫ਼ੀਸਦੀ ਵਿਦਿਆਰਥੀਆਂ ਦੀ ਗਿਣਤੀ ਵਧੀ ਸੀ ਅਤੇ ਇਸ ਵਾਰ ਉਕਤ ਅੰਕੜੇ ਨੂੰ ਹੋਰ ਅੱਗੇ ਲਿਜਾਣ ਲਈ ਵਿਭਾਗ ਦਾ ਹਰੇਕ ਮੁਲਾਜ਼ਮ ਯਤਨਸ਼ੀਲ ਹੈ। ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਵਿਭਾਗ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪੈਫਲੈੱਟਾਂ ਰਾਹੀਂ ਪਹੁੰਚਾਈਆਂ ਜਾ ਰਹੀਆਂ ਹਨ। ਸਕੂਲ ਮੁਖੀਆਂ ਤੇ ਅਧਿਆਪਕਾਂ ਦੁਆਰਾ ਘਰ-ਘਰ ਜਾ ਕੇ ਮਾਪਿਆਂ ਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਭਾਗ ਦੀ ਮੀਡੀਆ ਟੀਮ ਵੱਲੋਂ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਰਮਿੰਦਰ ਸਿੰਘ ਸਰਾਂ ਦੀ ਅਗਵਾਈ 'ਚ ਨੁੱਕੜ ਨਾਟਕ ਰਾਹੀਂ ਵਿਭਾਗ ਦੀ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ। ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਖੁਦ ਦਾਖਲਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ਤੇ ਕਸਬਿਆਂ 'ਚ ਜਾ ਕੇ ਮੋਹਤਬਰ ਸ਼ਖ਼ਸੀਅਤਾਂ ਤੇ ਮਾਪਿਆਂ ਨਾਲ ਰਾਬਤਾ ਬਣਾ ਰਹੇ ਹਨ ਅਤੇ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਨੁਹਾਰ ਉੱਚ ਮਿਆਰੀ ਸਕੂਲਾਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਹੁਣ ਜਿੱਥੇ ਸਰਕਾਰੀ ਸਕੂਲ ਸਮਾਰਟ ਬਣ ਰਹੇ ਹਨ ਉੱਥੇ ਪਿਛਲੇ ਸੈਸ਼ਨ ਦੌਰਾਨ ਵਿਦਿਆਰਥੀ ਦਾਖ਼ਲਿਆਂ ਸਮੇਂ ਸਕੂਲਾਂ ਦੀ ਤਾਲਾਬੰਦੀ ਦੇ ਬਾਵਜੂਦ ਸਰਕਾਰੀ ਸਕੂਲਾਂ ਵਿੱਚ ਹੋਏ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਵਾਧੇ ਨੂੰ ਇਸ ਵਾਰ ਸਰਕਾਰੀ ਸਕੂਲ ਹੋਰ ਵੀ ਵਿਸਥਾਰ ਦੇਣ ਲਈ ਲਗਾਤਾਰ ਯਤਨਸ਼ੀਲ ਹਨ। ਇੰਜੀ. ਅਮਰਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਅਧਿਕਾਰੀਆਂ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪੂਰੇ ਜੋਸ਼ ਅਤੇ ਵਿਸ਼ਵਾਸ ਨਾਲ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕ ਸਕੂਲ ਸਮੇਂ ਦੇ ਨਾਲ ਨਾਲ ਸਵੇਰ ਅਤੇ ਸ਼ਾਮ ਦੇ ਸਮੇਂ ਵੀ ਘਰਾਂ ਵਿੱਚ ਜਾ ਕੇ ਮਾਪਿਆਂ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰਦੇ ਵੇਖੇ ਜਾ ਸਕਦੇ ਹਨ। ਤਕਰੀਬਨ ਸਾਰੇ ਹੀ ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਸਾਉਂਦੇ ਫਲੈਕਸ ਅਤੇ ਹੋਰਡਿੰਗ ਤਿਆਰ ਕਰਵਾਏ ਜਾ ਰਹੇ ਹਨ। ਅਧਿਆਪਕ ਖ਼ੁਦ ਇਹ ਫਲੈਕਸਾਂ ਜਨਤਕ ਥਾਵਾਂ 'ਤੇ ਲਗਾਉਣ ਵਿੱਚ ਮਸਰੂਫ਼ ਨਜ਼ਰ ਆ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਾਡਾ ਮਨੋਰਥ ਹਰ ਬੱਚੇ ਨੂੰ ਬਿਨਾਂ ਖਰਚੇ ਦੇ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਹੈ। ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਬੇਲੋੜੇ ਖਰਚੇ ਘਟਾਉਣ ਲਈ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੱਚੇ ਦੀ ਇੱਛਾ ਅਨੁਸਾਰ ਅੰਗਰੇਜ਼ੀ ਮਾਧਿਅਮ ਉਪਲਬਧ ਕਰਵਾਇਆ ਗਿਆ ਹੈ ਉੱਥੇ ਹੀ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਬੱਚਿਆਂ ਦੀ ਅੰਗਰੇਜ਼ੀ ਬੋਲਣ ਦੀ ਝਿਜਕ ਦੂਰ ਕਰਕੇ ਉਨ੍ਹਾਂ ਨੂੰ ਫਰਾਟੇਦਾਰ ਅੰਗਰੇਜ਼ੀ ਬੋਲਣ ਦੇ ਸਮਰੱਥ ਬਣਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਦੇਣ ਲਈ ਪ੍ਰੇਰਿਕ ਭਾਸ਼ਣਾਂ ਦੇ ਨਾਲ ਨਾਲ ਸਵਾਗਤ ਜ਼ਿੰਦਗੀ ਨਾ ਦਾ ਨਵਾਂ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਰੋਜ਼ਾਨਾ ਅੱਜ ਦਾ ਸ਼ਬਦ ਗਤੀਵਿਧੀ ਜਰੀਏ ਵਿਦਿਆਰਥੀਆਂ ਦਾ ਪੰਜਾਬੀ ਅਤੇ ਅੰਗਰੇਜ਼ੀ ਦਾ ਸ਼ਬਦ ਭੰਡਾਰ ਅਮੀਰ ਬਣਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਵੱਡੀ ਪੱਧਰ 'ਤੇ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪਹੁੰਚ ਰਹੇ ਹਨ।