ਨਵਾਂਸ਼ਹਿਰ 3 ਮਾਰਚ (ਬਿਊਰੋ) ਪੰਜਾਬ ਸਰਕਾਰ ਵੱਲੋਂ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰ ਕੇ ਉਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਇਕ ਵਿਸ਼ੇਸ਼ ਪ੍ਰੋਗਰਾਮ 'ਮਿਸ਼ਨ ਰੈੱਡ ਸਕਾਈ' ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲੇ ਵਿਚ ਟੀਮਾਂ ਦਾ ਗਠਨ ਕਰ ਕੇ ਅਗਲਾ ਇਕ ਹਫ਼ਤਾ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਇਸ ਮਿਸ਼ਨ ਨੂੰ ਸੁਚਾਰੂ ਢੰਗ ਨਾਲ ਅੰਜਾਮ ਦੇਣ ਲਈ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਵੱਖ-ਵੱਖ ਵਿਭਾਗਾਂ ਦੇ 50 ਦੇ ਕਰੀਬ ਅਧਿਕਾਰੀਆਂ ਨੂੰ 'ਮਿਸ਼ਨ ਰੈੱਡ ਸਕਾਈ ਅਫ਼ਸਰ' ਨਿਯੁਕਤ ਕਰ ਕੇ ਟੀਮਾਂ ਬਣਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਨਸ਼ਾ ਛੱਡ ਚੁੱਕੇ ਇਲਾਜ ਅਧੀਨ ਨੌਜਵਾਨਾਂ ਦੀ ਰੈੱਡ ਸਕਾਈ ਅਫ਼ਸਰਾਂ ਵੱਲੋਂ ਵਿਅਕਤੀਗਤ ਤੌਰ 'ਤੇ ਕਾਊਂਸਲਿੰਗ ਕੀਤੀ ਜਾਵੇਗੀ ਅਤੇ ਬਾਅਦ ਵਿਚ ਉਨਾਂ ਦੀ ਯੋਗਤਾ ਅਨੁਸਾਰ ਨੌਕਰੀ ਤੇ ਸਵੈ-ਰੋਜ਼ਗਾਰ ਲਈ ਉਨਾਂ ਦੀ ਪਰਖ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਹਰੇਕ ਮਿਸ਼ਨ ਰੈੱਡ ਸਕਾਈ ਅਫ਼ਸਰ ਨੂੰ 10 ਨੌਜਵਾਨ ਦਿੱਤੇ ਜਾਣਗੇ, ਜੋ ਇਨਾਂ ਨੌਜਵਾਨਾਂ ਦਾ ਰੋਜ਼ਗਾਰ ਲਈ ਡਾਟਾ ਤਿਆਰ ਕਰਨਗੇ ਅਤੇ ਬਾਅਦ ਵਿਚ ਯੋਗ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਉਨਾਂ ਨੂੰ ਨੌਕਰੀ ਦਿਵਾਈ ਜਾਵੇਗੀ। ਉਨਾਂ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਤੋਂ ਹੀ ਕੰਮ ਜਾਣਦੇ ਹਨ, ਪਰ ਨੌਕਰੀ ਨਹੀਂ ਕਰਨਾ ਚਾਹੁੰਦੇ, ਉਨਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਤਹਿਤ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਇਸ ਦੌਰਾਨ ਓਟ ਸੈਂਟਰ ਵਾਈਜ਼ ਸ਼ਡਿਊਲ ਦੀ ਵੰਡ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਆਪਣਾ ਕੰਮ ਮਿਹਨਤ ਤੇ ਗੰਭੀਰਤਾ ਨਾਲ ਕਰਨ, ਕਿਉਂਕਿ ਇਹ ਸਰਕਾਰ ਦਾ ਬਹੁਤ ਹੀ ਅਹਿਮ ਅਤੇ ਤਰਜੀਹੀ ਪ੍ਰੋਗਰਾਮ ਹੈ। ਉਨਾਂ ਕਿਹਾ ਕਿ ਇਹ ਇਕ ਤਰਾਂ ਨਾਲ ਭਲੇ ਦਾ ਵੀ ਕੰਮ ਹੈ, ਇਸ ਲਈ ਅਧਿਕਾਰੀਆਂ ਨੂੰ ਨਿੱਜੀ ਤੌਰ 'ਤੇ ਰੁਚੀ ਲੈਂਦਿਆਂ ਇਸ ਨੂੰ ਅੰਜ਼ਾਮ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਾ ਇਕ ਬਿਮਾਰੀ ਹੈ, ਜਿਸ ਵਿਚੋਂ ਨੌਜਵਾਨਾਂ ਨੂੰ ਬਾਹਰ ਕੱਢ ਕੇ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਰੋਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ, ਬੀ. ਡੀ. ਪੀ. ਓਜ਼ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-'ਮਿਸ਼ਨ ਰੈੱਡ ਸਕਾਈ' ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਤੇ ਹੋਰ।