ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗਾ ਰਾਜ ਪੱਧਰੀ ਸਮਾਗਮ

ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਬੰਗਾ/ਨਵਾਂਸ਼ਹਿਰ, 15 ਮਾਰਚ : (ਬਿਊਰੋ) ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ, ਖਟਕੜ ਕਲਾਂ ਵਿਖੇ 23 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਐਸ. ਐਸ. ਪੀ ਅਲਕਾ ਮੀਨਾ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਉਨਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨਾਂ ਕਿਹਾ ਕਿ ਇਹ ਸਮਾਗਮ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰੇ ਨੂੰ ਸਮਰਪਿਤ ਹੋਵੇਗਾ। ਇਸ ਦੌਰਾਨ ਉਨਾਂ ਸਟੇਜ, ਸ਼ਾਮਿਆਨੇ, ਬੈਠਣ ਦੇ ਪ੍ਰਬੰਧਾਂ, ਸ਼ਹੀਦਾਂ ਨੂੰ ਸ਼ਰਧਾਂਜਲੀ, ਸੁਰੱਖਿਆ, ਸਜਾਵਟ, ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਟੈਂਡਰ, ਸੱਭਿਆਚਾਰਕ ਪ੍ਰੋਗਰਾਮ, ਸਾਊਂਡ, ਸਵਾਗਤੀ ਗੇਟਾਂ, ਆਰਜ਼ੀ ਪਖਾਨਿਆਂ, ਪਾਰਕਿੰਗ, ਬੈਰੀਕੇਡਿੰਗ, ਸੁਚਾਰੂ ਟ੍ਰੈਫਿਕ ਵਿਵਸਥਾ, ਮੈਡੀਕਲ ਟੀਮਾਂ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਮਿਹਨਤ ਤੇ ਤਨਦੇਹੀ ਨਾਲ ਨਿਭਾਉਣ ਅਤੇ ਸਮੁੱਚੇ ਸਮਾਗਮ ਦੌਰਾਨ ਕੋਵਿਡ ਪ੍ਰੋਟੋਕਾਲ ਦਾ ਪੂਰਾ ਧਿਆਨ ਰੱਖਿਆ ਜਾਵੇ। ਇਸ ਮੌਕੇ ਐਸ. ਐਸ. ਪੀ ਅਲਕਾ ਮੀਨਾ ਨੇ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ ਕੀਤੇ ਜਾਣਗੇ ਅਤੇ ਇਸ ਦੌਰਾਨ ਸੁਚਾਰੂ ਟ੍ਰੈਫਿਕ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜੇ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਪੀ ਵਜ਼ੀਰ ਸਿੰਘ ਖਹਿਰਾ, ਡੀ. ਐਸ. ਪੀ ਜੀ. ਪੀ. ਸਿੰਘ, ਡੀ. ਪੀ. ਪੀ. ਓ ਦਵਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :- ਖਟਕੜ ਕਲਾਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਐਸ. ਐਸ. ਪੀ ਅਲਕਾ ਮੀਨਾ ਅਤੇ ਹੋਰ ਅਧਿਕਾਰੀ।