ਨਵਾਂਸ਼ਹਿਰ, 3 ਮਾਰਚ : (ਬਿਊਰੋ) ਬਾਗਬਾਨੀ ਵਿਭਾਗ ਵੱਲੋਂ ਅੱਜ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ ਦੀ ਅਗਵਾਈ ਹੇਠ ਪਿੰਡ ਮਝੂਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਕਾਹਮਾ ਅਤੇ ਬਾਗਬਾਨੀ ਵਿਕਾਸ ਅਫ਼ਸਰ ਰਾਜੇਸ਼ ਕੁਮਾਰ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਰਾਹੀਂ ਲਗਾਏ ਜਾਣ ਵਾਲੇ ਪ੍ਰਾਜੈਕਟਾਂ 'ਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਕਿਹ ਕਿ ਕੋਈ ਵੀ ਕਿਸਾਨ ਜੇਕਰ ਰਿਵਾਇਤੀ ਫ਼ਸਲੀ ਚੱਕਰ ਵਿਚੋਂਬਾਹਰ ਨਿਕਲ ਕੇ ਬਾਗਬਾਨੀ ਵਿਭਾਗ ਵੱਲੋਂ ਚਲਾਾਂਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਉਨਾਂ ਦੱਸਿਆ ਕਿ ਕਿਸਾਨ ਬਾਗ ਲਗਾ ਕੇ, ਸ਼ਹਿਦ ਦੀਆਂ ਮੱਖੀਆਂ ਪਾਲ ਕੇ, ਖੁੰਭਾ ਦੀ ਕਾਸ਼ਤ ਕਰ ਕੇ, ਸਬਜ਼ੀਆਂ ਅਤੇ ਫ਼ਲ ਬੀਜ ਕੇ ਅਤੇ ਜੈਵਿਕ ਖਾਦ ਬਣਾਉਣ ਦਾ ਪ੍ਰਾਜੈਕਟ ਲਗਾ ਕੇ ਥੋੜੇ ਜਿਹੇ ਰਕਬੇ ਤੋਂ ਵੀ ਕਾਫੀ ਆਮਦਨ ਪ੍ਰਾਪਤ ਕਰ ਸਕਦਾ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਉਕਤ ਸਕੀਮਾਂ ਲਈ ਸਿਖਲਾਈ ਦੇਣ ਲਈ ਵੀ ਵਿਭਾਗ ਵੱਲੋਂ ਪੂਰਾ ਪ੍ਰਬੰਧ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਤੋਂ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਇਨ ਸੀਟੂ ਸਕੀਮ ਅਧੀਨ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਯੋਗ ਨਿਪਟਾਰੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਇਨਾਂ ਤੋਂ ਬਚਾਅ ਲਈ ਦਵਾਈਆਂ ਦੀ ਸਹੀ ਮਾਤਰਾ ਵਿਚ ਵਰਤੋਂ ਕਰਨ ਬਾਰੇ ਵੀ ਦੱਸਿਆ। ਇਸ ਮੌਕੇ ਬਾਗਬਾਨੀ ਵਿਭਾਗ ਵੱਲੋਂ 30 ਕਿਸਾਨਾਂ ਨੂੰ ਗਰਮੀ ਰੁੱਤ ਦੀਆਂ ਵੱਖ-ਵੱਖ ਸਬਜ਼ੀਆਂ ਨਾਲ ਸਬੰਧਤ ਬੀਜਾਂ ਦੀਆਂ ਮੁਫ਼ਤ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਕੈਪਸਨ :- ਬਾਗਬਾਨੀ ਵਿਭਾਗ ਵੱਲੋਂ ਲਗਾਏ ਕਿਸਾਨ ਸਿਖਲਾਈ ਕੈਂਪ ਮੌਕੇ ਜਗਦੀਸ਼ ਸਿੰਘ ਕਾਹਮਾ, ਰਾਜੇਸ਼ ਕੁਮਾਰ ਅਤੇ ਜਸਵਿੰਦਰ ਸਿੰਘ ਕਿਸਾਨਾਂ ਨੂੰ ਸਬਜ਼ੀ ਬੀਜ ਕਿੱਟਾਂ ਤਕਸੀਮ ਕਰਦੇ ਹੋਏ।