ਸਿੱਖਿਆ ਸਕੱਤਰ ਵੱਲੋਂ ਕੀਤੀ ਗਈ ਪਹਿਲ ਕਦਮੀ ਨੇ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਭਰਿਆ ਨਵਾਂ ਉਤਸ਼ਾਹ
ਪਟਿਆਲਾ, 28 ਮਾਰਚ: (ਬਿਊਰੋ) ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਲਈ ਸਿੱਖਿਆ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲ ਮੁਹਿੰਮ ਨੂੰ ਹੋਰ ਤੇਜ਼ ਕਰਦਿਆ ਅੱਜ ਐਤਵਾਰ ਦੇ ਦਿਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਟਿਆਲਾ ਦੇ ਪਿੰਡ ਬਾਰਨ ਦੇ ਗੁਰਦੁਆਰਾ ਸਾਹਿਬ ਤੋਂ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆ ਸਿੱਖਿਆ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਵਿਲੱਖਣ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦਿਆ ਬੱਚੇ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਨਿੱਤ ਨਵੀਆਂ ਪੈੜਾਂ ਦੀ ਸਿਰਜਣਾ ਕਰ ਰਹੇ ਹਨ, ਜਿਥੇ ਹੁਣ ਬਹੁਤ ਵਧੀਆ ਇਮਾਰਤਾਂ, ਵਿਦਿਆਰਥੀਆਂ ਦੇ ਬੈਠਣ ਲਈ ਵਧੀਆ ਫਰਨੀਚਰ, ਵਿਦਿਆਰਥੀਆਂ ਨੂੰ ਪੜਾਉਣ ਲਈ ਨਵੀਨਤਮ ਸਿੱਖਿਆ ਵਿਧੀਆਂ, ਵਧੀਆ ਅਤੇ ਤਜਰਬੇਕਾਰ ਸਟਾਫ਼ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਥੇ ਹੀ ਅਧਿਆਪਕਾਂ ਵੱਲੋਂ ਵੱਧ ਤੋਂ ਵੱਧ ਬੱਚਿਆਂ ਤੱਕ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਮਿਲ ਰਹੀਆਂ ਸਹੂਲਤਾਂ ਸਬੰਧੀ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਵਿਭਾਗ ਵੱਲੋਂ ਬਹੁਤ ਵੱਡੇ ਪੱਧਰ 'ਤੇ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ 'ਚ ਅਧਿਆਪਕ ਘਰ ਘਰ ਜਾ ਕੇ ਪ੍ਰਚਾਰ ਕਰ ਰਹੇ ਹਨ, ਨੁੱਕੜ ਨਾਟਕ ਖੇਡੇ ਜਾ ਰਹੇ ਹਨ ਅਤੇ ਸੋਸ਼ਲ ਮੀਡੀਆ ਦਾ ਵੀ ਸਹਾਰਾ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਸਿੱਖਿਆ ਖੇਤਰ 'ਚ ਹੋਏ ਸੁਧਾਰ ਸਬੰਧੀ ਗੱਲਬਾਤ ਕੀਤੀ ਅਤੇ ਪਿੰਡ ਵਾਸੀਆਂ ਵੱਲੋਂ ਵੀ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲੇ ਲਈ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ ਅਨਾਊਂਸਮੈਂਟ ਨੇ ਪੰਜਾਬ ਭਰ ਦੇ ਅਧਿਆਪਕਾਂ 'ਚ ਇੱਕ ਨਵਾਂ ਉਤਸ਼ਾਹ ਭਰਿਆ ਹੈ, ਜੋ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ 'ਚ ਸਹਾਈ ਹੋਵੇਗਾ।