ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਆਪਣੇ ਈ-ਕਾਰਡ ਬਣਵਾਉਣ ਲਾਭਪਾਤਰੀ-ਐਸ. ਡੀ. ਐਮ ਜੌਹਲ

*ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਚੋਂ ਬਣਵਾਏ ਜਾ ਸਕਦੇ ਹਨ ਕਾਰਡ
ਨਵਾਂਸ਼ਹਿਰ, 6 ਮਾਰਚ : ਬਿਊਰੋ - ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਸਬ-ਡਵੀਜ਼ਨ ਨਵਾਂਸ਼ਹਿਰ ਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਉਨਾਂ ਕਿਹਾ ਕਿ ਇਸ ਕਾਰਡ ਨਾਲ ਲਾਭਪਾਤਰੀ ਪਰਿਵਾਰ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲਦੀ ਹੈ। ਉਨਾਂ ਦੱਸਿਆ ਕਿ ਸਬ-ਡਵੀਜ਼ਨ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਦੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਚ ਈ-ਕਾਰਡ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਨੀਲੇ ਕਾਰਡ ਧਾਰਕ, ਜੇ-ਫਾਰਮ ਹੋਲਡਰ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਸਬ-ਡਵੀਜ਼ਨ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਉਹ ਲਾਭਪਾਤਰੀਆਂ ਨੂੰ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਚੋਂ ਈ-ਕਾਰਡ ਬਣਵਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਉਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।  
ਫੋਟੋ :
-ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਨਵਾਂਸ਼ਹਿਰ