ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਅੱਜ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ - ਦੌੜਕਾ

ਨਵਾਂਸ਼ਹਿਰ 1 ਮਾਰਚ (ਐਨ ਟੀ ਟੀਮ) ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤੇ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਅਣਦੇਖੀ ਕਾਰਨ 2 ਤੋਂ 10 ਮਾਰਚ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਕਨਵੀਨਰ ਮਨਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਰਾਹੋਂ ਅਤੇ ਜੀਤ ਲਾਲ ਗੋਹਲੜੋਂ ਨੇ ਦੱਸਿਆ ਕਿ ਰੋਜ਼ਾਨਾ 10 ਵਜੇ ਤੋਂ 4 ਵਜੇ ਤੱਕ ਗਿਆਰਾਂ ਸਾਥੀ ਭੁੱਖ ਹੜਤਾਲ ਤੇ ਬੈਠਣਗੇ ਅਤੇ ਸਾਂਝੇ ਫਰੰਟ ਦੀਆਂ ਸਮੂਹ ਜਥੇਬੰਦੀਆਂ ਦੇ ਸਾਥੀ ਰੋਜ਼ਾਨਾ ਉਨ੍ਹਾਂ ਦੇ ਨਾਲ ਧਰਨੇ ਤੇ ਬੈਠਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਦੇਣ, ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਦੀ ਅਣਦੇਖੀ ਕਰਨ, ਸਿੱਖਿਆ ਵਿਭਾਗ ਸਮੇਤ ਜਨਤਕ ਖੇਤਰ ਦੇ ਅਦਾਰਿਆਂ ਦੀਆਂ ਹਜ਼ਾਰਾਂ ਪੋਸਟਾਂ ਖਤਮ ਕਰਨ 'ਤੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਵੱਲੋਂ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਬਜਟ ਪੇਸ਼ ਕਰਨ ਵਾਲੇ ਦਿਨ 5 ਮਾਰਚ ਨੂੰ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਸ਼ੋਕ ਕੁਮਾਰ, ਅਵਤਾਰ ਸਿੰਘ, ਭਾਗ ਸਿੰਘ, ਵਿਨੀਤ ਕੁਮਾਰ, ਸ਼ਮਸ਼ੇਰ ਸਿੰਘ, ਜੋਗਾ ਸਿੰਘ, ਜਰਨੈਲ ਸਿੰਘ, ਦੀਦਾਰ ਸਿੰਘ, ਅਜੀਤ ਸਿੰਘ ਬਰਨਾਲਾ ਆਦਿ ਹਾਜ਼ਰ ਸਨ।