ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ-ਡਾ. ਸ਼ੇਨਾ ਅਗਰਵਾਲ

*ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਗਰਾਨੀ ਦੀ ਹਦਾਇਤ
*60 ਸਾਲ ਤੋਂ ਵੱਧ ਉਮਰ ਦੇ ਵਿਅਕਤੀ 7 ਸਰਕਾਰੀ ਅਤੇ 3 ਪ੍ਰਾਈਵੇਟ ਹਸਪਤਾਲਾਂ 'ਚ ਲਗਵਾ ਸਕਦੇ ਹਨ ਵੈਕਸੀਨ

ਨਵਾਂਸ਼ਹਿਰ, 2 ਮਾਰਚ :ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲੇ ਵਿਚ ਕੋਵਿਡ ਦੀ ਸਥਿਤੀ ਅਤੇ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਰਗਾਨੀ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ ਅਤੇ ਉਨਾਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਅੱਜ ਇਥੇ ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਲਗਾਤਾਰ ਵੱਧ ਰਹੇ ਕੋਵਿਡ ਕੇਸਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜਿਸ ਤਰਾਂ ਉਨਾਂ ਨੇ ਕੋਵਿਡ ਦੀ ਪਹਿਲੀ ਲਹਿਰ ਦੇ ਖ਼ਾਤਮ ਲਈ ਦਿਨ-ਰਾਤ ਇਕ ਕੀਤਾ ਸੀ, ਉਸੇ ਤਰਾਂ ਹੁਣ ਵੀ ਇਸ ਨੂੰ ਠੱਲ ਪਾਉਣ ਲਈ ਤਕੜੇ ਹੋ ਕੇ ਕੰਮ ਕੀਤਾ ਜਾਵੇ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ ਅਤੇ ਮਾਸਕ ਤੋਂ ਬਿਨਾਂ ਅਤੇ ਸਮਾਜਿਕ ਦੂਰੀ ਦਾ ਪਾਲਣ ਨਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਉਨਾਂ ਕਿਹਾ ਕਿ ਸਮੂਹ ਬਾਜ਼ਾਰਾਂ, ਦੁਕਾਨਾਂ ਅਤੇ ਨਾਕਿਆਂ 'ਤੇ ਕੋਵਿਡ ਸਾਵਧਾਨੀਆਂ ਨੂੰ ਪੂਰੀ ਤਰਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਲੋਕਾਂ ਵੱਲੋਂ ਇਸ ਪ੍ਰਤੀ ਗੰਭੀਰਤਾ ਨਾ ਵਿਖਾਉਣਾ ਚਿੰਤਾ ਦਾ ਵਿਸ਼ਾ ਹੈ, ਜਿਸ ਕਾਰਨ ਸਥਿਤੀ ਜ਼ਿਆਦਾ ਖ਼ਰਾਬ ਹੋ ਸਕਦੀ ਹੈ। ਉਨਾਂ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿਚ ਬਕਾਇਦਾ ਬੈਰੀਕੇਡਿੰਗ ਅਤੇ ਪੁਲਿਸ ਕਰਮੀਆਂ ਦੀਆਂ ਡਿਊਟੀਆਂ ਲਗਾਈਆਂ ਜਾਣ। ਇਸੇ ਤਰਾਂ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨਾਂ ਸਮੂਹ ਐਸ. ਡੀ. ਐਮਜ਼, ਡੀ. ਐਸ. ਪੀਜ਼ ਅਤੇ ਐਸ. ਐਮ. ਓਜ਼ ਨੂੰ ਆਪਸੀ ਤਾਲਮੇਲ ਨਾਲ ਬਕਾਇਦਾ ਟੀਮਾਂ ਬਣਾ ਕੇ ਕੰਮ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਹੋਮ ਆਈਸੋਲੇਸ਼ਨ, ਕਾਨਟੈਕਟ ਟਰੇਸਿੰਗ, ਚਲਾਨਿੰਗ ਦੀ ਰੋਜ਼ਾਨਾ ਰਿਪੋਰਟ ਉਨਾਂ ਨੂੰ ਭੇਜੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਰੋਜ਼ਾਨਾ ਮੁਲਾਂਕਣ ਕੀਤਾ ਜਾਵੇਗਾ ਅਤੇ ਇਸ ਪ੍ਰਤੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੋਵਿਡ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨਾਂ ਦੱਸਿਆ ਕਿ ਜ਼ਿਲੇ ਵਿਚ ਸਿਹਤ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਦੇ ਟੀਕਾਕਰਨ ਪਹਿਲਾਂ ਤੋਂ ਹੀ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਹੁਣ 60 ਸਾਲ ਤੋਂ ਉੱਪਰ ਦੇ ਵਿਅਕਤੀਆਂ ਅਤੇ 20 ਕੋ-ਕੋਮੋਰਬੀਡਿਟੀਜ਼ ਬਿਮਾਰੀਆਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੇ ਵਿਅਕਤੀਆਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ 60 ਸਾਲ ਤੋਂ ਉੱਪਰ ਦਾ ਕੋਈ ਵੀ ਵਿਅਕਤੀ ਜ਼ਿਲੇ ਦੀਆਂ 7 ਸਰਕਾਰੀ ਅਤੇ 3 ਪ੍ਰਾਈਵੇਟ ਸਿਹਤ ਸੰਸਥਾਵਾਂ ਵਿਚ ਜਾ ਕੇ ਵੈਕਸੀਨ ਲਗਵਾ ਸਕਦਾ ਹੈ। ਉਨਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਿਲਾ ਹਸਪਤਾਲ ਨਵਾਂਸ਼ਹਿਰ, ਸਬ ਡਵੀਜ਼ਨਲ ਹਸਪਤਾਲ ਬਲਾਚੌਰ, ਸੀ. ਐਚ. ਸੀ ਬੰਗਾ, ਸੀ. ਐਚ. ਸੀ ਰਾਹੋਂ, ਸੁੱਜੋਂ, ਮੁਕੰਦਪੁਰ ਅਤੇ ਸੜੋਆ ਸ਼ਾਮਿਲ ਹਨ। ਇਸੇ ਤਰਾਂ ਪ੍ਰਾਈਵੇਟ ਹਸਪਤਾਲਾਂ ਵਿਚ ਰਾਜਾ ਹਸਪਤਾਲ, ਆਈ. ਵੀ. ਵਾਈ ਹਸਪਤਾਲ ਅਤੇ ਮਿੱਤਲ ਹਸਪਤਾਲ ਸ਼ਾਮਿਲ ਹਨ। ਉਨਾਂ ਸਮੂਹ ਫਰੰਟ ਲਾਈਨ ਵਰਕਰਾਂ ਅਤੇ 60 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਵੈਕਸੀਨ ਲਵਾਉਣ ਦੀ ਅਪੀਲ ਕੀਤੀ। ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਐਸ. ਪੀ ਮਨਵਿੰਦਰ ਬੀਰ ਸਿੰਘ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਡੀ. ਪੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਕੈਪਸ਼ਨ :- ਕੋਵਿਡ ਅਤੇ ਟੀਕਾਕਰਨ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।