ਨਵਾਂਸ਼ਹਿਰ 20 ਅਪ੍ਰੈਲ (ਬਿਊਰੋ) ਕੋਵਿਡ ਦੀ ਰੋਕਥਾਮ ਲਈ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ ਤੁਰੰਤ ਪ੍ਰਭਾਵ ਨਾਲ 30 ਅਪ੍ਰੈਲ ਤੱਕ ਨਵੀਆਂ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਅਨੁਸਾਰ ਜ਼ਿਲੇ ਵਿਚ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ। ਸਾਰੇ ਰੈਸਟੋਰੈਂਟ (ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਬੰਦ ਰਹਿਣਗੇ ਅਤੇ ਇਨਾਂ ਨੂੰ ਸਿਰਫ ਖਾਣਾ ਘਰ ਲਿਜਾਣ ਅਤੇ ਹੋਮ ਡਿਲੀਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਵਿਆਹਾਂ/ਸਸਕਾਰਾਂ ਸਮੇਤ 20 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ ਹੋਵੇਗੀ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ (ਸਿਰਫ ਸਸਕਾਰ ਨੂੰ ਛੱਡ ਕੇ) ਜ਼ਿਲਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਹੋਵੇਗੀ। ਕਿਧਰੇ ਵੀ ਵੱਡੇ ਇਕੱਠਾਂ (ਧਾਰਮਿਕ, ਰਾਜਨੀਤਿਕ, ਸਮਾਜਿਕ) ਵਿਚ ਸ਼ਾਮਲ ਹੋ ਕੇ ਆਏ ਵਿਅਕਤੀਆਂ ਨੂੰ ਪ੍ਰੋਟੋਕਾਲ ਅਨੁਸਾਰ 5 ਦਿਨਾਂ ਲਈ ਘਰ ਵਿਚ ਇਕਾਂਤਵਾਸ ਰਹਿਣਾ ਪਵੇਗਾ। ਜ਼ਿਲੇ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਜਦਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਉਦਯੋਗਾਂ ਵਿਚ ਕੰਮਕਾਜ ਤੋਂ ਇਲਾਵਾ ਰੇਲਾਂ, ਹਵਾਈ ਜਹਾਜ਼ਾਂ ਅਤੇ ਬੱਸਾਂ ਵਿਚੋਂ ਉੱਤਰਕੇ ਆਪਣੇ ਟਿਕਾਣਿਆਂ 'ਤੇ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਕਰਫਿਊ ਤੋਂ ਛੋਟ ਹੋਵੇਗੀ। ਜਨਤਕ ਟ੍ਰਾਂਸਪੋਰਟ (ਬੱਸਾਂ, ਟੈਕਸੀਆਂ, ਆਟੋ) ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇਗੀ। ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰੇ ਮਾਲ, ਮਾਰਕੀਟਾਂ, ਦੁਕਾਨਾਂ ਅਤੇ ਰੈਸਟੋਰੈਂਟ (ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਐਤਵਾਰ ਨੂੰ ਬੰਦ ਰਹਿਣਗੇ। ਸਾਰੀਆਂ ਹਫ਼ਤਾਵਾਰੀ ਮਾਰਕੀਟਾਂ ਵੀ ਬੰਦ ਰਹਿਣਗੀਆਂ। ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿਚ ਸਿਹਤ/ਫਰੰਟਲਾਈਨ ਵਰਕਰ ਅਤੇ 45 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ, ਜਿਨਾਂ ਨੇ ਪਿਛਲੇ 15 ਜਾਂ ਜ਼ਿਆਦਾ ਦਿਨਾਂ ਦੌਰਾਨ ਵੈਕਸੀਨ ਦੀ ਘੱਟੋ-ਘੱਟ ਇਕ ਖ਼ੁਰਾਕ ਨਹੀਂ ਲਈ, ਨੂੰ ਉਦੋਂ ਤੱਕ ਛੁੱਟੀ ਲੈ ਕੇ ਘਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸੇ ਤਰਾਂ 45 ਸਾਲ ਤੋਂ ਘੱਟ ਉਮਰ ਦੇ ਕਰਮਚਾਰੀਆਂ ਨੂੰ ਆਰ. ਟੀ. ਪੀ. ਸੀ. ਆਰ ਨੈਗੇਟਿਵ ਰਿਪੋਰਟ, ਜਿਹੜੀ ਕਿ 5 ਦਿਨਾਂ ਤੋਂ ਪੁਰਾਣੀ ਨਾ ਹੋਵੇ, ਦੇ ਆਧਾਰ 'ਤੇ ਆਗਿਆ ਦਿੱਤੀ ਜਾਵੇਗੀ, ਨਹੀਂ ਤਾਂ ਛੁੱਟੀ ਲੈ ਕੇ ਘਰ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਦਾ ਫੈਲਾਅ ਰੋਕਣ ਲਈ ਕੌਮੀ ਨਿਰਦੇਸ਼ਾਂ, ਕੇਂਦਰੀ ਗ੍ਰਹਿ ਮੰਤਰਾਲੇ/ਸੂਬਾ ਸਰਕਾਰ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ. ਓ. ਪੀਜ਼) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਬਾਜ਼ਾਰਾਂ, ਜਨਤਕ ਟ੍ਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ 'ਚ ਜ਼ਰੂਰੀ ਇਹਤਿਆਤ ਵਰਤੇ ਜਾਣੇ, ਜਿਨਾਂ ਵਿਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਰੱਖੇ ਜਾਣੇ ਯਕੀਨੀ ਬਣਾਏ ਜਾਣਗੇ। ਇਸ ਤੋਂ ਬਿਨਾਂ ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀੇ ਜਾਵੇਗੀ। ਜਾਰੀ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ. ਪੀ. ਸੀ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।