ਨਵਾਂਸ਼ਹਿਰ, 18 ਅਪ੍ਰੈਲ : (ਬਿਊਰੋ) ਕੋਵਿਡ-19 ਮਹਾਮਾਰੀ ਦੌਰਾਨ ਕਣਕ ਦੇ ਚੱਲ ਰਹੇ ਖ਼ਰੀਦ ਦੇ ਚੁਨੌਤੀਪੂਰਨ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਜ਼ਿਲਾ ਪ੍ਰਸ਼ਾਸਨ ਅਤੇ ਖ਼ਰੀਦ ਕਾਰਜਾਂ ਨਾਲ ਸਬੰਧਤ ਅਮਲਾ ਜੀਅ-ਜਾਨ ਨਾਲ ਜੁੱਟਿਆ ਹੋਇਆ ਹੈ। ਇਕ ਪਾਸੇ ਜਿਥੇ ਜ਼ਿਲੇ ਵਿਚ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਅਧਿਕਾਰੀਆਂ ਵੱਲੋਂ ਪੂਰੀ ਵਾਹ ਲਾਈ ਜਾ ਰਹੀ ਹੈ, ਉਥੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਪ੍ਰਕਿ੍ਰਰਿਆ ਨਾਲ ਜੁੜੀਆਂ ਸਮੂਹ ਧਿਰਾਂ ਨੂੰ ਕੋਵਿਡ ਵਰਗੀ ਨਾਮੁਰਾਦ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ 'ਤੇ ਖ਼ਰੀਦ ਕੇਂਦਰਾਂ ਵਿਚ ਭੀੜ ਤੋਂ ਬਚਣ ਲਈ ਜਿਥੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਜਿਣਸ ਲਿਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ, ਉਥੇ ਕੋਵਿਡ ਤੋਂ ਬਚਾਅ ਲਈ ਕੋਵਿਡ ਰੋਧਕ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ, ਜਿਸ ਦੌਰਾਨ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਆੜਤੀਆਂ, ਕਿਸਾਨਾਂ, ਮਜ਼ਦੂਰਾਂ ਵੱਲੋਂ ਟੀਕਾਕਰਨ ਕਰਵਾਇਆ ਜਾ ਰਿਹਾ ਹੈ। ਇਸੇ ਤਰਾਂ ਖ਼ਰੀਦ ਕੇਂਦਰਾਂ ਵਿਚ ਢੁਕਵੀਂ ਮਾਤਰਾ ਵਿਚ ਮਾਸਕ, ਸੈਨੀਟਾਈਜ਼ਰ ਆਦਿ ਉਪਲਬੱਧ ਕਰਵਾਏ ਗਏ ਹਨ ਅਤੇ ਹੱਥ ਧੋਣ ਲਈ ਸਾਬਣ-ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਵਿਡ ਦੇ ਬਾਵਜੂਦ ਪਿਛਲੀ ਵਾਰ ਦੀ ਤਰਾਂ ਸਾਰੀਆਂ ਸਾਵਧਾਨੀਆਂ ਵਰਤਦਿਆਂ ਸੁਚੱਜੀ ਖ਼ਰੀਦ ਲਈ ਪੂਰੇ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਅਤੇ ਸੁਰੱਖਿਆ ਉਪਾਅ ਕੀਤੇ ਗਏ ਹਨ। ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਪਹਿਲਾਂ ਵਾਂਗ ਸਫ਼ਲਤਾ ਪੂਰਵਕ ਨੇਪਰੇ ਚਾੜਿਆ ਜਾਵੇਗਾ। ਉਨਾਂ ਕਿਹਾ ਕਿ ਪ੍ਰਸ਼ਾਸਨ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਸੁਚੱਜੀ ਖ਼ਰੀਦ ਦੇ ਨਾਲ-ਨਾਲ ਉਨਾਂ ਨੂੰ ਕੋਵਿਡ ਦੇ ਪ੍ਰਭਾਵ ਤੋਂ ਬਚਾਇਆ ਜਾਵੇ।
ਕੈਪਸ਼ਨ :- ਨਵਾਂਸ਼ਹਿਰ ਦਾਣਾ ਮੰਡੀ ਵਿਖੇ ਹੱਥ ਧੋਣ ਲਈ ਕੀਤੇ ਗਏ ਸੁਚੱਜੇ ਪ੍ਰਬੰਧ।
ਕੈਪਸ਼ਨ :- ਨਵਾਂਸ਼ਹਿਰ ਦਾਣਾ ਮੰਡੀ ਵਿਖੇ ਹੱਥ ਧੋਣ ਲਈ ਕੀਤੇ ਗਏ ਸੁਚੱਜੇ ਪ੍ਰਬੰਧ।