ਬਿਮਾਰੀਆਂ ਪ੍ਰਤੀ ਜਾਗਰੂਕਤਾ ਸਿਹਤਮੰਦ ਜੀਵਨ ਦਾ ਆਧਾਰ: ਡਾ. ਗੁਰਦੀਪ ਸਿੰਘ ਕਪੂਰ

ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
ਨਵਾਂਸ਼ਹਿਰ, 7 ਅਪ੍ਰੈਲ : (ਬਿਊਰੋ)  ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੀ ਯੋਗ ਅਗਵਾਈ ਹੇਠ ਸਥਾਨਕ ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਵਿਸ਼ਾ "ਇਕ ਚੰਗੇ ਅਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ ਕਰਨਾ" ਸੀ। ਇਸ ਮੌਕੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ 45 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀਆਂ ਦਾ ਕੋਵਿਡ-19 ਰੋਕੂ ਟੀਕਾਕਰਨ ਵੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਵਿਸ਼ਵ ਅੰਦਰ ਫੈਲ ਰਹੀਆਂ ਬਿਮਾਰੀਆਂ ਬਾਰੇ ਚਾਨਣਾ ਪਾਇਆ ਅਤੇ ਇਨ੍ਹਾਂ ਤੋਂ ਬਚਣ ਲਈ ਲੋਕਾਂ ਨੂੰ ਸਿਹਤ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਬਿਮਾਰੀਆਂ ਪ੍ਰਤੀ ਜਾਗਰੂਕਤਾ ਸਿਹਤਮੰਦ ਜੀਵਨ ਦਾ ਸਹੀ ਆਧਾਰ ਹੈ। ਮਨੁੱਖ ਦੀ ਸਭ ਤੋਂ ਵੱਡੀ ਦੌਲਤ ਸਿਹਤ ਹੁੰਦੀ ਹੈ ਅਤੇ ਜੇਕਰ ਅਸੀਂ ਸਿਹਤਮੰਦ ਹੋਵਾਂਗੇ ਤਾਂ ਹੀ ਆਪਣੀ ਜ਼ਿੰਦਗੀ ਦਾ ਆਨੰਦ ਮਾਣ ਸਕਾਂਗੇ। ਡਾ. ਕਪੂਰ ਨੇ ਕੋਰੋਨਾ ਵਾਇਰਸ ਦੀ ਗੱਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਸ਼ਵ ਸਿਹਤ ਦਿਵਸ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ ਅਤੇ ਸਾਨੂੰ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਸਿਹਤਮੰਦ ਰਹਿਣ ਲਈ ਕੋਵਿਡ-19 ਟੀਕਾਕਰਨ ਕਰਵਾਉਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਕ ਸਿਹਤਮੰਦ ਸਰੀਰ ਲਈ ਨਾ ਕੇਵਲ ਸਰੀਰਕ, ਸਗੋਂ ਮਾਨਸਿਕ ਰੂਪ ਨਾਲ ਵੀ ਤੰਦਰੁਸਤ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਅਨੇਕਾਂ ਬਿਮਾਰੀਆਂ ਦਾ ਇਲਾਜ ਜਾਗਰੂਕਤਾ ਹੈ ਅਤੇ ਅਸੀਂ ਆਪਣੀ ਜੀਵਨਸ਼ੈਲੀ ਵਿਚ ਤਬਦੀਲੀਆਂ ਕਰਕੇ ਸਿਹਤਮੰਦ ਬਣ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਅਜੋਕੇ ਸਮਾਂ ਤਣਾਅ ਨਾਲ ਭਰਪੂਰ ਹੈ ਅਤੇ ਸਾਨੂੰ ਸਿਹਤਮੰਦ ਰਹਿਣ ਲਈ ਪੌਸ਼ਟਿਕ ਆਹਾਰ ਖਾਣ, ਗੂੜੀ ਨੀਂਦ ਲੈਣ, ਤਣਾਅ ਤੋਂ ਦੂਰ ਰਹਿਣ, ਰੋਜ਼ਾਨਾ ਕਸਰਤ ਕਰਨ ਉੱਤੇ ਖਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਕਈ ਵੱਡੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਰੂਪ ਨਾਲ ਸਿਹਤਮੰਦ ਬਣਾਉਣ ਲਈ ਜਾਗਰੂਕ ਕਰਨਾ ਹੀ ਇਸ ਦਿਵਸ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੇ ਸਮੇਂ ਵਿਚ ਗੈਰ-ਸੰਚਾਰੀ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਨ੍ਹਾਂ ਦੇ ਮੁੱਖ ਕਾਰਨ ਮੋਟਾਪਾ, ਕਸਰਤ ਘੱਟ ਕਰਨਾ, ਗੈਰ-ਸੰਤੁਲਿਤ ਭੋਜਨ ਖਾਣਾ, ਤਣਾਅ ਅਤੇ ਪਰਿਵਾਰਕ ਇਤਿਹਾਸ ਹਨ। ਇਸ ਲਈ ਜ਼ਰੂਰੀ ਹੈ ਸੁੰਤਲਿਤ ਭੋਜਨ ਦੀ ਵਰਤੋਂ ਕੀਤੀ ਜਾਵੇ ਅਤੇ ਬਾਹਰੀ ਡੱਬਾਬੰਦ ਭੋਜਨ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਇਸਦੇ ਨਾਲ ਹੀ ਹਰ ਰੋਜ਼ ਘੱਟ ਤੋਂ ਘੱਟ ਅੱਧਾ ਘੰਟਾ ਕਸਰਤ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਅਤੇ ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।