ਨਵਾਂਸ਼ਹਿਰ, 7 ਅਪ੍ਰੈਲ : (ਬਿਊਰੋ) ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲੇ 'ਚ ਬਿਨਾਂ ਮਨਜ਼ੂਰੀ ਪ੍ਰਾਪਤ ਕੀਤਿਆਂ ਡਰੋਨ ਚਲਾਉਣ 'ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਅਜਿਹਾ ਜ਼ਿਲੇ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤੀ ਤੌਰ 'ਤੇ ਕੀਤਾ ਗਿਆ ਹੈ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਤੇ ਖੁਫ਼ੀਆ ਏਜੰਸੀਆਂ ਵੱਲੋਂ ਪੰਜਾਬ ਰਾਜ ਦੇ ਸਰਹੱਦੀ ਜ਼ਿਲਿਆਂ 'ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਅਸਫ਼ਲ ਕੋਸ਼ਿਸ਼ਾਂ ਬਾਰੇ ਧਿਆਨ 'ਚ ਲਿਆਏ ਜਾਣ ਬਾਅਦ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਇਸ ਪਾਬੰਦੀ ਤੋਂ ਬਾਅਦ ਵਿਆਹ ਸਮਾਗਮਾਂ, ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ 'ਚ ਬਿਨਾਂ ਮਨਜੂਰੀ ਡਰੋਨ ਚਲਾਉਣ 'ਤੇ 3 ਜੂਨ 2021 ਤੱਕ ਪਾਬੰਦੀ ਰਹੇਗੀ।