ਨਵਾਂਸ਼ਹਿਰ, 14 ਅਪ੍ਰੈਲ :(ਬਿਊਰੋ)ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਨੂੰ 130ਵੇਂ ਜਨਮ ਦਿਹਾੜੇ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਸ਼ਰਧਾ ਸੁਮਨ ਅਰਪਿਤ ਕੀਤੇ ਗਏ। ਇਸ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਨੂੰ ਰਾਜ ਪੱਧਰੀ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਅਤੇ ਔਰਤਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨਾਂ ਨੇ ਇਕ ਬਿਹਤਰੀਨ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ ਦੇ ਹੱਕ ਦਿੱਤੇ। ਉਨਾਂ ਕਿਹਾ ਕਿ ਡਾ. ਅੰਬੇਡਕਰ ਦੀ ਸੋਚ 'ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸ਼ਾਸਨ ਦਲਿਤ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਦਲਿਤ ਭਾਈਚਾਰੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਤਰਾਂ ਮਹਿਲਾ ਸਸ਼ਕਤੀਕਰਨ ਲਈ ਵੀ ਨਿਵੇਕਲੇ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਹਰੇਕ ਖੇਤਰ ਵਿਚ ਮੋਹਰੀ ਬਣਾਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਵੇਲੇ ਦੇਸ਼ ਕੋਵਿਡ-19 ਵਰਗੀ ਭਿਆਨਕ ਮਹਾਮਾਰੀ ਨਾਲ ਜੂਝ ਰਿਹਾ ਹੈ, ਜਿਸ ਤੋਂ ਨਿਜ਼ਾਤ ਪਾਉਣ ਦਾ ਇਕੋ-ਇਕ ਸਥਾਈ ਹੱਲ ਟੀਕਾਕਰਨ ਹੈ। ਇਸ ਲਈ ਸਾਨੂੰ ਰਾਸ਼ਟਰ ਹਿੱਤ ਵਿਚ ਡਾ. ਅੰਬੇਡਕਰ ਦੀ ਸੋਚ 'ਤੇ ਪਹਿਰਾ ਦਿੰਦਿਆਂ ਆਪਣਾ ਟੀਕਾਕਰਨ ਕਰਵਾ ਕੇ ਤੰਦਰੁਸਤ ਅਤੇ ਕੋਵਿਡ ਮੁਕਤ ਭਾਰਤ ਦੀ ਸਿਰਜਣਾ ਵਿਚ ਯੋਗਦਾਨ ਦੇਣਾ ਚਾਹੀਦਾ ਹੈ। ਸਮਾਗਮ ਤੋਂ ਬਾਅਦ ਉਨਾਂ ਸਮੂਹ ਮਹਿਮਾਨਾਂ ਸਮੇਤ ਐਸ. ਡੀ. ਐਮ ਦਫ਼ਤਰ ਵਿਖੇ ਡਾ. ਅੰਬੇਡਕਰ ਦੇ ਬੁੱਤ 'ਤੇ ਵੀ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੌਰ, ਜ਼ਿਲਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਤੇ ਰਾਕੇਸ਼ ਕਰਨਾਣਾ, ਯੂਥ ਪ੍ਰਧਾਨ ਹੀਰਾ ਖੇਪੜ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਡੀ. ਐਸ. ਪੀ ਸਵਿੰਦਰਪਾਲ ਸਿੰਘ, ਜ਼ਿਲਾ ਭਲਾਈ ਅਫ਼ਸਰ ਅਸ਼ੀਸ਼ ਕਥੂਰੀਆ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਤਹਿਸੀਲ ਭਲਾਈ ਅਫ਼ਸਰ ਸ਼ੁਭਮ ਪੰਕਜ, ਹਿਊਮਨ ਰਾਈਟਸ ਜਾਗਿ੍ਰਤੀ ਮੰਚ ਸੁਸਾਇਟੀ ਦੇ ਪ੍ਰਧਾਨ ਵਾਸਦੇਵ ਪ੍ਰਦੇਸੀ, ਸਾਬਕਾ ਸੈਨਿਕ ਖੜਕ ਸਿੰਘ ਰਾਠੌਰ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਕੈਪਸ਼ਨ : -ਡਾ. ਅੰਬੇਡਕਰ ਨੂੰ ਸ਼ਰਧਾ ਸੁਮਨ ਅਰਪਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੌਰ, ਜ਼ਿਲਾ ਭਲਾਈ ਅਫ਼ਸਰ ਅਸ਼ੀਸ਼ ਕਥੂਰੀਆ, ਜ਼ਿਲਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ, ਰਾਕੇਸ਼ ਕਰਨਾਣਾ ਤੇ ਹੋਰ।