ਨਵਾਂਸ਼ਹਿਰ 10 ਅਪ੍ਰੈਲ :- ਅੱਜ ਜਮਹੂਰੀ ਅਧਿਕਾਰ ਸਭਾ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਅਹੁਦੇਦਾਰਾਂ ਦੀ ਇੱਥੇ ਮੀਟਿੰਗ ਹੋਈ ਜਿਸ ਵਿਚ ਮੌਜੂਦਾ ਕਿਸਾਨੀ ਘੋਲ ਅਤੇ ਇਸ ਸਬੰਧੀ ਮੋਦੀ ਸਰਕਾਰ ਵੱਲੋਂ ਅਪਣਾਏ ਗਏ ਰਵੱਈਏ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਜਥੇਬੰਦੀ ਦੇ ਜਿਲਾ ਸਕੱਤਰ ਜਸਬੀਰ ਦੀਪ ਨੇ ਦੱਸਿਆ ਕਿ ਜਮਹੂਰੀ ਅਧਿਕਾਰ ਸਭਾ ਵਲੋਂ ਮੌਜੂਦਾ ਕਿਸਾਨੀ ਘੋਲ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਕੇ ਇਕ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।ਇਸ ਘੋਲ ਨਾਲ ਨਜਿੱਠਣ ਲਈ ਮੋਦੀ ਸਰਕਾਰ ਵਲੋਂ ਅਪਣਾਏ ਗਏ ਗੈਰ ਸੰਵਿਧਾਨਕ, ਗੈਰ ਜਮਹੂਰੀ ਅਤੇ ਅਣਮਨੁੱਖੀ ਢੰਗ ਤਰੀਕਿਆਂ ਦਾ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।ਉਹਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਤਾਨਾਸ਼ਾਹ ਸਰਕਾਰ ਕਰਾਰ ਦਿੰਦਿਆਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੀ ਦੱਸਿਆ ਹੈ।ਲੋਕ ਘੋਲਾਂ ਅਤੇ ਨਿਆਂ ਪਸੰਦੀ ਵਾਲੀਆਂ ਸਰਗਰਮੀਆਂ ਨੂੰ ਰੋਕਣ ਲਈ ਇਕ ਤੋਂ ਬਾਅਦ ਇਕ ਕਾਲੇ ਕਾਨੂੰਨ ਘੜੇ ਜਾ ਰਹੇ ਹਨ।ਦੇਸ਼ ਭਗਤੀ ਦੀ ਨਵੀਂ ਪਰਿਭਾਸ਼ਾ ਘੜੀ ਜਾ ਰਹੀ ਹੈ।ਦਿੱਲੀ ਦੀਆਂ ਹੱਦਾਂ ਉੱਤੇ ਮੋਰਚੇ ਸੰਭਾਲੀ ਬੈਠੇ ਕਿਸਾਨਾਂ ਪ੍ਰਤੀ ਸਰਕਾਰ ਦੇ ਲਾਪ੍ਰਵਾਹੀ ਵਾਲੇ ਰਵੱਈਏ ਉੱਤੇ ਟਿੱਪਣੀ ਕਰਦਿਆਂ ਉਹਨਾਂ ਕਿਹਾ ਕਿ ਜਿਸ ਢੰਗ ਨਾਲ਼ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਤੋਂ ਨਾਂਹ ਕਰ ਰਹੀ ਹੈ ਇਸਤੋਂ ਮੋਦੀ ਸਰਕਾਰ ਦੀ ਕਾਰਪੋਰੇਟ ਭਗਤੀ ਪੂਰੀ ਤਰ੍ਹਾਂ ਨੰਗੀ ਹੋ ਰਹੀ ਹੈ।ਸਰਕਾਰ ਜਿਹਨਾਂ ਢੰਗ ਤਰੀਕਿਆਂ ਰਾਹੀਂ ਕਿਸਾਨੀ ਘੋਲ ਨਾਲ ਨਜਿੱਠ ਰਹੀ ਹੈ ਇਸ ਨਾਲ ਮੋਦੀ ਸਰਕਾਰ ਦੇ ਚਿਹਰੇ ਉੱਤੇ ਪਾਇਆ ਹੋਇਆ ਜਮਹੂਰੀਅਤ ਦਾ ਨਕਾਬ ਵੀ ਸਰਕ ਰਿਹਾ ਹੈ।ਇਸ ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਬੂਟਾ ਸਿੰਘ, ਸੀਨੀਅਰ ਆਗੂਆਂ ਦਲਜੀਤ ਸਿੰਘ ਐਡਵੋਕੇਟ ਅਤੇ ਜਿਲਾ ਪ੍ਰਧਾਨ ਗੁਰਨੇਕ ਸਿੰਘ ਚਰਚਾ ਕੀਤੀ।
ਕੈਪਸ਼ਨ:ਜਮਹੂਰੀ ਅਧਿਕਾਰ ਸਭਾ ਦੇ ਆਗੂ ਜਾਣਕਾਰੀ ਦਿੰਦੇ ਹੋਏ।
ਕੈਪਸ਼ਨ:ਜਮਹੂਰੀ ਅਧਿਕਾਰ ਸਭਾ ਦੇ ਆਗੂ ਜਾਣਕਾਰੀ ਦਿੰਦੇ ਹੋਏ।