ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 11722 ਵਿਦਿਆਰਥੀਆਂ ਦਾ ਵਾਧਾ, ਸਕੂਲਾਂ ਦੀ ਬਦਲੀ ਨੁਹਾਰ ਨੇ ਦਿਖਾਇਆ ਰੰਗ


ਪਟਿਆਲਾ 2 ਮਈ: -   ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਪਟਿਆਲਾ ਜ਼ਿਲ੍ਹੇ ਦੇ ਨਵੇਂ ਸੈਸ਼ਨ 'ਚ 11722 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ 'ਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫ਼ਤਾਵਾਰੀ ਮੀਟਿੰਗ 'ਚ ਨਵੇਂ ਦਾਖ਼ਲਿਆਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਪਟਿਆਲਾ ਇੰਜੀ. ਅਮਰਜੀਤ ਸਿੰਘ ਨਾਲ ਵਿਸਥਾਰ 'ਚ ਵਿਚਾਰ ਚਰਚਾ ਕੀਤੀ ਗਈ। ਤਾਜ਼ਾ ਅੰਕੜਿਆਂ ਅਨੁਸਾਰ ਨਵੇਂ ਸੈਸ਼ਨ ਦੇ ਪਹਿਲੇ ਮਹੀਨੇ (ਅਪ੍ਰੈਲ 2021) ਤੱਕ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 200929 ਵਿਦਿਆਰਥੀ ਦਾਖਲ ਹੋ ਚੁੱਕੇ ਹਨ, ਜਦੋਂ ਕਿ ਪਿਛਲੇ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 189207 ਸੀ। ਇਸ ਤਰ੍ਹਾਂ ਐਲ.ਕੇ.ਜੀ. ਤੋਂ ਲੈ ਕੇ 12ਵੀਂ ਜਮਾਤ ਤੱਕ ਪਿਛਲੇ ਸੈਸ਼ਨ ਨਾਲੋਂ 11722 ਵਿਦਿਆਰਥੀ (6.20 ਫ਼ੀਸਦੀ) ਵੱਧ ਦਾਖਲ ਹੋ ਚੁੱਕੇ ਹਨ।   ਜ਼ਿਲ੍ਹੇ ਦੇ ਸਰਕਾਰੀ ਸੈਕੰਡਰੀ ਸਕੂਲਾਂ 'ਚ ਪਿਛਲੇ ਵਰ੍ਹੇ 102629 ਵਿਦਿਆਰਥੀ ਦਾਖਲ ਸਨ ਤੇ ਇਸ ਵਾਰ 110118 ਬੱਚੇ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਸੈਕੰਡਰੀ ਵਿੰਗ 'ਚ ਵਿਦਿਆਰਥੀਆਂ ਦਾ ਵਾਧਾ 7.30 ਫ਼ੀਸਦੀ ਹੋ ਚੁੱਕਿਆ ਹੈ। ਐਲ.ਕੇ.ਜੀ. ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸੈਸ਼ਨ 'ਚ 86578 ਬੱਚੇ ਪੜ੍ਹਦੇ ਸਨ ਤੇ ਇਸ ਵਾਰ 90811 ਵਿਦਿਆਰਥੀ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਪ੍ਰਾਇਮਰੀ ਵਿੰਗ 'ਚ 4.89 ਫ਼ੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਲਗਾਤਾਰ ਦੂਸਰੇ ਸਾਲ ਹੋਏ ਵੱਡੇ ਵਾਧੇ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹਰ ਪੱਖੋਂ ਉੱਚਾ ਚੁੱਕਣ ਦੀ ਬਦੌਲਤ ਹੀ ਇਨ੍ਹਾਂ ਸਕੂਲਾਂ 'ਚ ਵਿਦਿਆਰਥੀਆਂ ਦਾ ਵੱਡਾ ਵਾਧਾ ਹੋ ਰਿਹਾ ਹੈ। ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।   ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਵਾਰ ਦਾਖਲਾ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਈ ਹੋਈ ਹੈ। ਵਿਭਾਗ ਵੱਲੋਂ ਜਿੱਥੇ ਰਵਾਇਤੀ ਸਾਧਨਾਂ ਨੁੱਕੜ ਨਾਟਕਾਂ, ਗੀਤਾਂ, ਮੇਲਿਆਂ, ਧਾਰਮਿਕ ਸਥਾਨਾਂ ਰਾਹੀਂ ਬੇਨਤੀਆਂ ਤੇ ਘਰ-ਘਰ ਜਾ ਕੇ, ਮਾਪਿਆਂ ਨੂੰ ਸਰਕਾਰੀ ਸਕੂਲਾਂ 'ਚ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਟੀਵੀ, ਰੇਡੀਓ, ਸੋਸ਼ਲ ਮੀਡੀਆ, ਪੋਸਟਰਾਂ, ਪੈੱਫਲਿਟਾਂ ਤੇ ਫਲੈਕਸਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ ਗਿਆ।   ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਖਵਿੰਦਰ ਖੋਸਲਾ ਤੇ ਡਿਪਟੀ ਡੀ.ਈ.ਓ. (ਐਲੀ.ਸਿੱ.) ਮਨਵਿੰਦਰ ਕੌਰ ਭੁੱਲਰ ਦਾ ਕਹਿਣਾ ਹੈ ਕਿ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਿਖਾਉਣ ਲਈ 'ਸਕੂਲ ਦਰਸ਼ਨ' ਪ੍ਰੋਗਰਾਮ ਵੀ ਚਲਾਇਆ ਹੋਇਆ ਹੈ।ਉਪਰੋਕਤ ਮੁਹਿੰਮ ਸਦਕਾ ਹੀ ਨਿੱਜੀ ਸਕੂਲਾਂ ਤੋਂ 10807 ਵਿਦਿਆਰਥੀ ਸਰਕਾਰੀ ਸਕੂਲਾਂ 'ਚ ਦਾਖਲਾ ਲੈ ਚੁੱਕੇ ਹਨ ਅਤੇ ਇਹ ਸਿਲਸਿਲਾ ਅਜੇ ਚੱਲ ਰਿਹਾ ਹੈ।
ਤਸਵੀਰ:- ਸਰਕਾਰੀ ਸਕੂਲਾਂ ਦੀ ਪ੍ਰਚਾਰ ਮੁਹਿੰਮ 'ਚ ਸਰਗਰਮ ਪਟਿਆਲਾ ਜ਼ਿਲ੍ਹੇ ਦੀਆਂ ਅਧਿਆਪਕਾਵਾਂ।