ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਡਾ. ਕਪੂਰ

Ø ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ
ਨਵਾਂਸ਼ਹਿਰ, 24 ਮਈ 2021:-  ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹੇ ਵਿਚ ਪੀ.ਸੀ.ਪੀ.ਐਨ.ਡੀ.ਟੀ. ਨੂੰ ਸਖਤ ਨਾਲ ਲਾਗੂ ਕਰਨ, ਨਵੀਂ ਐਮ.ਟੀ.ਪੀ. ਰਜਿਸਟ੍ਰੇਸ਼ਨ ਕਰਨ, ਜੇ.ਐਸ.ਐੱਸ.ਕੇ. ਸਕੀਮ ਅਧੀਨ ਇਕ ਨਿੱਜੀ ਹਸਪਤਾਲ ਨੂੰ ਸੂਚੀਬੱਧ ਕਰਨ ਉੱਤੇ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਪੀ.ਐਨ.ਡੀ.ਟੀ. ਕੋਆਰਡੀਨੇਟਰ ਡਾ. ਸੁਖਮਨੀ ਕੌਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਇਸ ਐਕਟ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੈਨਿੰਗ ਸੈਂਟਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਗਰਭਪਾਤ ਦੇ ਮਾਮਲਿਆਂ ਨੂੰ ਠੱਲ ਪਾਈ ਜਾ ਸਕੇ। ਡਾ. ਕਪੂਰ ਨੇ ਜ਼ਿਲ੍ਹਾ ਸਹਾਲਕਾਰ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਅੰਦਰ ਲਿੰਗ ਅਨੁਪਾਤ ਦੇ ਪਾੜੇ ਨੂੰ ਘੱਟ ਕਰਨ ਲਈ ਮੁਹਿੰਮ ਛੇੜੀ ਜਾਵੇ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਖਿਲਾਫ ਜਾਗਰੂਕ ਕਰਨ ਲਈ ਢੁੱਕਵੇਂ ਕਦਮ ਉਠਾਏ ਜਾਣ। ਉਨ੍ਹਾਂ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ 'ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਸਖਤੀ ਕਾਰਵਾਈ ਕਰਨ ਦੀ ਲੋੜ ਹੈ।