ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ’ਤੇ ਲੱਗੇਗੀ ਬ੍ਰੇਕ :- ਐੱਸ.ਡੀ.ਐੱਮ. ਜਗਦੀਸ਼ ਸਿੰਘ ਜੌਹਲ

ਨਵਾਂਸ਼ਹਿਰ, 24 ਮਈ 2021 :- ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ ਹੈ। ਇਹ ਜਾਣਕਾਰੀ ਦਿੰਦਿਆਂ ਸਬ ਡਿਵੀਜਨ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐੱਸ.ਡੀ.ਐਮ ਸ. ਜਗਦੀਸ਼ ਸਿੰਘ ਜੌਹਲ ਨੇ ਅੱਜ ਰਾਹੋਂ-ਜਾਡਲਾ ਟੀ-ਪੁਆਇੰਟ, ਕੰਗਾ ਅਤੇ ਭਾਰਟਾ ਖੁਰਦ ਵਿਖੇ ਕੰਮ ਕਰ ਰਹੀਆਂ ਕੋਵਿਡ ਸੈਂਪਲੰਿਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ਉੱਤੇ ਬ੍ਰੇਕ ਲੱਗ ਸਕਦੀ ਹੈ। ਉਨਾਂ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਕੋਵਿਡ ਬਿਮਾਰੀ ਦੀ ਦੂਸਰੀ ਲਹਿਰ ਦਾ ਪਿੰਡਾਂ ਵਿਚ ਪ੍ਰਕੋਪ ਵੱਧ ਰਿਹਾ ਹੈ, ਇਸ ਲਈ ਪਿੰਡ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ ਹੈ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇ ਤਾਂ ਕੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ। ਸ. ਜੌਹਲ ਨੇ ਅੱਗੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ 'ਤੇ ਪਹਿਨਆ ਜਾਵੇ। ਆਪਸੀ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂਰਲ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।