ਵਿਧਾਇਕ ਅੰਗਦ ਸਿੰਘ ਨੇ ਸੰਭਾਵੀ ਹੜਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 22 ਮਈ :-ਅਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅੰਗਦ ਸਿੰਘ ਵੱਲੋਂ ਡਰੇਨੇਜ ਅਤੇ ਹੋਰਨਾਂ ਸਬੰਧਤ ਅਧਿਕਾਾਰੀਆਂ ਨਾਲ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਸਬੰਧਤ ਪਿੰਡਾਂ ਵਿਚ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਬੰਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਬਰਸਾਤੀ ਮੌਸਮ ਦੌਰਾਨ ਦਰਿਆ ਵਿਚ ਪਾਣੀ ਵਧਣ ਨਾਲ ਨਜ਼ਦੀਕੀ ਪਿੰਡਾਂ ਨੂੰ ਨੁਕਸਾਨ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਉਨਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਰ ਸੰਭਵ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ ਅਤੇ ਆਪਸੀ ਤਾਲਮੇਲ ਨਾਲ ਇਨਾਂ ਪ੍ਰਬੰਧਾਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਉਨਾਂ ਕਿਹਾ ਕਿ ਖਾਸ ਕਰਕੇ ਸੰਵੇਦਨਸ਼ੀਲ ਇਲਾਕਿਆਂ ਵਿਚ ਖਾਸ ਚੌਕਸੀ ਵਰਤੀ ਜਾਵੇ ਅਤੇ ਕਿਸੇ ਵੀ ਹੰਗਾਮੀ ਹਾਲਾਤ ਵਿਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਹੜਾਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਬੰਨ ਦੀ ਨਿਗਰਾਨੀ ਵਿਚ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ। ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।  
ਕੈਪਸ਼ਨ :- ਸੰਭਾਵੀ ਹੜਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਅੰਗਦ ਸਿੰਘ।