ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਤਿੰਨ ਮੁਕੱਦਮੇ ਦਰਜ

ਪੁਲਿਸ ਨੇ 919 ਦੇ ਕਰਵਾਏ ਕੋਵਿਡ ਟੈਸਟ, 83 ਦੇ ਕੀਤੇ ਚਲਾਨ
ਨਵਾਂਸ਼ਹਿਰ, 8 ਮਈ :- ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 919 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 83 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤੀ ਵਰਤਦੇ ਹੋਏ ਗੁਰਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਕਰਨਾਣਾ ਵੱਲੋਂ ਆਪਣੇ ਖੇਤਾਂ ਵਿਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਰਕੇ ਉਸ ਖਿਲਾਫ਼ ਥਾਣਾ ਸਦਰ ਬੰਗਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰਾਂ ਪਿੰਡ ਗੁਣਾਚੌਰ ਨੇੜੇ ਸ਼ਰਾਬ ਦਾ ਠੇਕਾ ਖੋਲਣ ਵਾਲੇ ਕਰਿੰਦੇ ਤਿਲਕ ਰਾਜ ਪੂੱਤਰ ਪ੍ਰਸ਼ੋਤਮ ਲਾਲ ਵਾਸੀ ਭਾਟੀ, ਜ਼ਿਲਾ ਕਾਂਗੜਾ (ਹਿਮਾਚਲ ਪ੍ਰਦੇਸ਼) ਖਿਲਾਫ਼ ਅਤੇ ਮੁਕੰਦਪੁਰ ਸ਼ਹਿਰ ਅੰਦਰ ਬੱਸ ਸਟੈਂਡ ਨੇੜੇ ਸ਼ਰਾਬ ਦਾ ਠੇਕਾ ਖੋਲਣ ਵਾਲੇ ਦਵਿੰਦਰ ਕੁਮਾਰ ਪੁੱਤਰ ਰਾਮ ਦਾਸ ਵਾਸੀ ਕਲੋਹਾ, ਜ਼ਿਲਾ ਕਾਂਗੜਾ (ਹਿਮਾਚਲ ਪ੍ਰਦੇਸ਼) ਖਿਲਾਫ਼ ਥਾਣਾ ਮੁਕੰਦਪੁਰ ਵਿਖੇ ਮੁਕੱਦਮੇ ਦਰਜ ਕੀਤੇ ਗਏ। ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਗੈਰ ਮਾਸਕ ਘੁੰਮਣ ਵਾਲੇ 919 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 83 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ।  ਉਨਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। 
ਕੈਪਸ਼ਨ : - ਜਾਡਲਾ ਟੀ-ਪੁਆਇੰਟ, ਰਾਹੋਂ ਵਿਖੇ ਮੈਡੀਕਲ ਟੀਮ ਦੁਆਰਾ ਕੋਵਿਡ ਟੈਸਟ ਕਰਵਾਉਂਦੇ ਹੋਏ ਏ. ਐਸ. ਆਈ ਜੰਗੀਰ ਸਿੰਘ।