ਭੀਖ ਮੰਗਣ ਵਾਲੇ ਬੱਚਿਆਂ ਦੀ ਪਹਿਚਾਣ ਕਰਕੇ ਉਨਾਂ ਨੂੰ ਦਿੱਤੀ ਜਾਵੇਗੀ ਨਵੀਂ ਜ਼ਿੰਦਗੀ-ਜ਼ਿਲਾ ਤੇ ਸੈਸ਼ਨ ਜੱਜ
ਨਵਾਂਸ਼ਹਿਰ, 8 ਜੂਨ :- ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਅੱਜ ਇਕ ਨਿਵੇਕਲੀ ਪਹਿਲ ਤਹਿਤ ਬਾਲ ਭਿੱਖਿਆ ਖਿਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਮੂਹ ਜੁਡੀਸ਼ੀਅਲ ਅਫ਼ਸਰਾਂ ਦੀ ਮੌਜੂਦਗੀ ਵਿਚ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਸਥਾਨਕ ਜੁਡੀਸ਼ੀਅਲ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬਾਲ ਭਿੱਖਿਆ ਨੂੰ ਰੋਕਣ ਦਾ ਸੰਦੇਸ਼ ਦਿੰਦੀ ਹੋਈ ਇਹ ਰੈਲੀ ਚੰਡੀਗੜ ਚੌਕ ਅਤੇ ਅੰਬੇਡਕਰ ਚੌਕ ਹੁੰਦੀ ਹੋਈ ਵਾਪਸ ਜੁਡੀਸ਼ੀਅਲ ਕੰਪਲੈਕਸ ਵਿਖੇ ਆ ਕੇ ਸਮਾਪਤ ਹੋਈ। ਰੈਲੀ ਵਿਚ ਸ਼ਾਮਲ ਪੈਰਾ ਲੀਗਲ ਵਲੰਟੀਅਰਾਂ, ਸਾਂਝ ਕੇਂਦਰ ਦੇ ਮੁਲਾਜ਼ਮਾਂ ਅਤੇ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਹੱਥਾਂ ਵਿਚ ਭੀਖ ਨਾ ਮੰਗਣ ਅਤੇ ਭੀਖ ਨਾ ਦੇ ਕੇ ਬੱਚਿਆਂ ਨੂੰ ਕਿਤਾਬਾਂ ਦੇਣ ਦੇ ਸਲੋਗਨਾਂ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ। ਰੈਲੀ ਨੂੰ ਰਵਾਨਾ ਕਰਨ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇਕ ਕਾਨੂੰਨੀ ਅਪਰਾਧ ਹੈ ਅਤੇ ਉਨਾਂ ਨੂੰ ਭੀਖ ਦੇ ਕੇ ਇਸ ਅਪਰਾਧ ਨੂੰ ਵਧਾਵਾ ਨਾ ਦਿੱਤਾ ਜਾਵੇ। ਉਨਾਂ ਕਿਹਾ ਕਿ ਜ਼ਿਲੇ ਵਿਚ ਭੀਖ ਮੰਗਣ ਵਾਲੇ ਬੱਚਿਆਂ ਦੀ ਪਹਿਚਾਣ ਕਰ ਕੇ ਉਨਾਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਭੀਖ ਮੰਗਣ ਵਾਲੇ ਬੱਚਿਆਂ ਨੂੰ ਸ਼ੈਲਟਰ ਮੁਹੱਈਆ ਕਰਵਾ ਕੇ ਉਨਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਸਿੱਖਿਆ ਪ੍ਰਦਾਨ ਕਰਵਾਉਣ ਲਈ ਸਹਿਯੋਗ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਬਾਲ ਮਜ਼ਦੂਰੀ ਖਿਲਾਫ਼ ਵੀ ਸਖਤੀ ਵਰਤੀ ਜਾਵੇਗੀ ਅਤੇ ਜੋ ਲੋਕ ਛੋਟੇ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਵਾਉਂਦੇ ਜਾਂ ਭੀਖ ਮੰਗਵਾਉਂਦੇ ਫੜੇ ਜਾਣਗੇ, ਉਨਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਨੂੰ 5 ਸਾਲ ਤੱਕ ਦੀ ਕੈਦ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ। ਉਨਾਂ ਕਿਹਾ ਕਿ ਅਜਿਹੇ ਲੋੜਵੰਦ ਬੱਚਿਆਂ ਦੀ ਮਦਦ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲਾ ਜੁਡੀਸ਼ੀਅਲ ਕੋਰਟ ਦੇ ਸਮੂਹ ਜੱਜ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਮੁੱਚਾ ਸਟਾਫ ਹਾਜ਼ਰ ਸੀ।
ਕੈਪਸ਼ਨ :- ਬਾਲ ਭਿੱਖਿਆ ਖਿਲਾਫ਼ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ। ਨਾਲ ਹਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਅਤੇ ਹੋਰ ਜੁਡੀਸ਼ੀਅਲ ਅਫ਼ਸਰ।