ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

*ਕੋਰੋਨਾ ਵਰਗੀਆਂ ਬਿਮਾਰੀਆਂ ਨਾਲ ਲੜਨ ਲਈ ਬੂਟੇ ਲਗਾਉਣੇ ਜ਼ਰੂਰੀ-ਜ਼ਿਲਾ ਤੇ ਸੈਸ਼ਨ ਜੱਜ
ਨਵਾਂਸ਼ਹਿਰ, 5 ਜੂਨ :- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਿਵਲ ਹਸਪਤਾਲ ਰੋਡ 'ਤੇ ਉਸਾਰੀ ਅਧੀਨ ਨਵੇਂ ਜੁਡੀਸ਼ੀਅਲ ਕੰਪਲੈਕਸ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਜੁਡੀਸ਼ੀਅਲ ਅਫ਼ਸਰਾਂ ਵੱਲੋਂ 50 ਦੇ ਕਰੀਬ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਕੋਵਿਡ-19 ਵਰਗੀਆਂ ਬਿਮਾਰੀਆਂ ਨਾਲ ਅਸੀਂ ਤਾਂ ਹੀ ਲੜ ਸਕਾਂਗੇ, ਜੇਕਰ ਆਕਸੀਜਨ ਹੋਵੇਗੀ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਜ਼ਿੰਦਗੀ ਦੇ ਹਰੇਕ ਵਿਸ਼ੇਸ਼ ਦਿਨ, ਜਿਵੇਂ ਜਨਮ ਦਿਨ ਅਤੇ ਵਿਆਹ ਦੀ ਵਰੇਗੰਢ ਆਦਿ ਮੌਕੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਹ ਪੂਰਾ ਮਹੀਨਾ ਵਾਤਾਵਰਨ ਦਿਵਸ ਵਜੋਂ ਮਨਾਇਆ ਜਾਵੇਗਾ, ਜਿਸ ਦੌਰਾਨ ਵੱਖ-ਵੱਖ ਥਾਵਾਂ 'ਤੇ ਇਕ ਹਜ਼ਾਰ ਦੇ ਕਰੀਬ ਬੂਟੇ ਲਗਾਏ ਜਾਣਗੇ। ਇਸ ਮੌਕੇ ਵਣ ਰੇਂਜ ਅਫ਼ਸਰ ਰਵੀ ਦੱਤ ਨੇ ਦੱਸਿਆ ਕਿ ਵਣ ਵਿਭਾਗ ਵੱਲੋਂ ਘਰ-ਘਰ ਹਰਿਆਲੀ ਸਕੀਮ ਤਹਿਤ ਮੁਫ਼ਤ ਬੂਟੇ ਦਿੱਤੇ ਜਾ ਰਹੇ ਹਨ। ਇਸੇ ਤਰਾਂ 'ਆਈ ਹਰਿਆਲੀ' ਐਪ ਰਾਹੀਂ ਵੀ 15 ਬੂਟੇ ਮੁਫ਼ਤ ਹਾਸਲ ਕੀਤੇ ਜਾ ਸਕਦੇ ਹਨ। ਇਸ ਮੌਕੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ, ਸੀ. ਜੇ. ਐਮ-ਕਮ-ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਮੈਡਮ ਕਵਿਤਾ  ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਵੱਲੋਂ ਵੀ ਬੂਟੇ ਲਗਾਏ ਗਏ।  
ਕੈਪਸ਼ਨ :- ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਂਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਤੇ ਹੋਰ ਜੁਡੀਸ਼ੀਅਲ ਅਫ਼ਸਰ।