ਨਵਾਂਸ਼ਹਿਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਲਾਈ ਝੜੀ
ਨਵਾਂਸ਼ਹਿਰ, 15 ਜੂਨ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ ਹਨ। ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ, ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਅਤੇ ਸ਼ੁੱਭ ਆਰੰਭ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਸੂਬੇ ਦੇ ਪਿੰਡਾਂ ਦਾ ਇੰਨਾ ਵਿਕਾਸ ਪਹਿਲਾਂ ਕਦੇ ਨਹੀਂ ਹੋਇਆ, ਜਿੰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ।
ਇਸ ਦੌਰਾਨ ਉਨਾਂ ਹਲਕੇ ਦੇ ਪਿੰਡ ਭਾਰਟਾ ਕਲਾਂ ਵਿਖੇ 55 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨਾਂ ਵਿਚ ਗਲੀਆਂ-ਨਾਲੀਆਂ, ਪਾਰਕ, ਵਾਟਰ ਰੀਚਾਰਜਿੰਗ ਸਟਰੱਕਚਰ, ਥਾਪਰ ਮਾਡਲ ਪੋਂਡ, ਪਲੇਅ ਫੀਲਡ, ਸਾਲਿਡ ਵੇਸਟ ਮੈਨੇਜਮੈਂਟ ਸਿਸਟਮ ਆਦਿ ਸ਼ਾਮਲ ਸਨ। ਇਸੇ ਤਰਾਂ ਉਨਾਂ ਪਿੰਡ ਬੁਰਜ ਟਹਿਲ ਦਾਸ ਵਿਖੇ 70 ਲੱਖ ਅਤੇ ਪਿੰਡ ਫਾਂਬੜਾ ਵਿਖੇ 60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ।
ਉਨਾਂ ਹਲਕੇ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਆਪਣੇ ਪਿੰਡਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਜਿਹੜਾ ਵੀ ਪਿੰਡ ਇਹ ਟੀਚਾ ਪ੍ਰਾਪਤ ਕਰੇਗਾ, ਪੰਜਾਬ ਸਰਕਾਰ ਵੱਲੋਂ ਉਸ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਵਿਧਾਇਕ ਅੰਗਦ ਸਿੰਘ ਵੱਲੋਂ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਐਮ. ਪੀ ਮਨੀਸ਼ ਤਿਵਾੜੀ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਲਈ ਉਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਜੋਗਿੰਦਰ ਸਿੰਘ ਭਗੌਰਾਂ, ਜੈਦੀਪ ਜਾਂਗੜਾ, ਬੀ. ਡੀ. ਪੀ. ਓ ਰਾਜੇਸ਼ ਚੱਢਾ, ਲਖਵੀਰ ਸਿੰਘ, ਗਿਆਨੀ ਜਗਦੀਸ਼ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਕੌਰ, ਜੋਗਿੰਦਰ ਸਿੰਘ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।