ਨਵਾਂਸ਼ਹਿਰ, 15 ਜੁਲਾਈ : - ਕੌਮੀ ਲੋਕ ਅਦਾਲਤ ਅਤੇ ਇਸ ਦੇ ਲਾਭਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਤਿਆਰ ਕੀਤੇ ਗਏ ਗੀਤ 'ਚੱਲ ਲੋਕ ਅਦਾਲਤ ਚੱਲੀਏ' ਦੀ ਸਮੁੱਚੀ ਟੀਮ ਨੂੰ ਅੱਜ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਗੀਤ ਵਿਚ ਐਸ. ਐਨ ਕਾਲਜ ਬੰਗਾ ਦੇ ਕਲਾਕਾਰ ਵਿਦਿਆਰਥੀਆਂ ਤੇ ਵਿਦਿਆਰਥਣਾਂ, ਭੰਗੜਾ ਟੀਮ ਦੇ ਮੈਂਬਰਾਂ ਅਤੇ ਸੰਗੀਤਕਾਰ ਮੁਕੇਸ਼ ਕੁਮਾਰ ਐਮ. ਕੇ. ਵੀ ਬੀਟ ਨੇ ਆਪਣੀ ਕਲਾ ਦੇ ਜੌਹਰ ਦਿਖਾਏ ਹਨ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ ਵਿਚ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਤਰੀਕੇ ਅਤੇ ਇਸ ਦੇ ਲਾਭਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਦਰਸਾਇਆ ਗਿਆ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ ਜਾਂ ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ। ਉਨਾਂ ਦੱਸਿਆ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ, ਜੋ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿਚ ਨਾ ਚੱਲਦਾ ਹੋਵੇ, ਪਰੰਤੂ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ (ਪ੍ਰੀ-ਲਿਟੀਗੇਸ਼ਨ) 'ਤੇ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿਚ ਦਰਖ਼ਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਐਸ. ਐਨ. ਕਾਲਜ ਬੰਗਾ ਦੇ ਪਿ੍ਰੰਸੀਪਲ ਡਾ. ਤਰਸੇਮ ਸਿੰਘ, ਪ੍ਰੋ. ਗੁਰਮੀਤ ਸਿੰਘ, ਸੰਗੀਤਕਾਰ ਮੁਕੇਸ਼ ਕੁਮਾਰ (ਐਮ. ਕੇ. ਵੀ ਬੀਟ), ਭੰਗੜਾ ਕੋਚ ਪਵਨ ਕੁਮਾਰ ਤੋਂ ਇਲਾਵਾ ਗੀਤ ਦੇ ਕਲਾਕਾਰ ਅਤੇ ਸਹਿਯੋਗ ਮੌਜੂਦ ਸੀ।
ਕੈਪਸ਼ਨ :- 'ਚੱਲ ਲੋਕ ਅਦਾਲਤ ਚੱਲੀਏ' ਗੀਤ ਦੇ ਕਲਾਕਾਰਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੀ. ਜੇ. ਐਮ ਹਰਪ੍ਰੀਤ ਕੌਰ।